15/11/2026
ਪਟਿਆਲਾ ਨਿਊਜ਼ : ਸਿਹਤ ਵਿਭਾਗ ਨੇ ਡਰੋਨ ਰਾਹੀਂ ਡੇਂਗੂ ਅਤੇ ਮਲੇਰੀਆ ਰੋਕੂ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਤਿਆਰੀ ਕਰ ਲਈ ਹੈ।

ਪਟਿਆਲਾ ਨਿਊਜ਼ : ਸਿਹਤ ਵਿਭਾਗ ਨੇ ਡਰੋਨ ਰਾਹੀਂ ਡੇਂਗੂ ਅਤੇ ਮਲੇਰੀਆ ਰੋਕੂ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਤਿਆਰੀ ਕਰ ਲਈ ਹੈ।

ਲਾਰਵੇ ਨੂੰ ਨਸ਼ਟ ਕਰਨ ਲਈ ਉੱਚੇ ਅਤੇ ਅਤਿ ਸੰਵੇਦਨਸ਼ੀਲ ਖੇਤਰਾਂ ਤੱਕ ਪਹੁੰਚਣਾ ਹੋਵੇਗਾ ਆਸਾਨ – ਡਾ. ਸ਼ੈਲੀ ਜੇਤਲੀ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਡੇਂਗੂ ਅਤੇ ਮਲੇਰੀਆ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਵੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਸਿਹਤ ਵਿਭਾਗ ਵੱਲੋਂ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਲੋੜ ਅਨੁਸਾਰ ਡਰੋਨ ਰਾਹੀਂ ਲਾਰਵੀਸਾਈਡ ਸਪਰੇਅ ਕਰਨ ਦੀ ਤਕਨੀਕ ਦੀ ਵਰਤੋਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਖੇਤਰਾਂ ਤੱਕ ਪਹੁੰਚ ਕੀਤੀ ਜਾ ਸਕੇ ਜਿੱਥੇ ਆਮ ਤਰੀਕਿਆਂ ਰਾਹੀਂ ਦਵਾਈ ਦਾ ਛਿੜਕਾਅ ਕਰਨਾ ਮੁਸ਼ਕਲ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਸ ਦੀ ਰੋਕਥਾਮ ਲਈ ਸਾਨੂੰ ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਲਾਰਵੇ ਨੂੰ ਨਸ਼ਟ ਕਰਨ ਲਈ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾਂਦਾ ਹੈ, ਇਸ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਵਿਭਾਗ ਵੱਲੋਂ ਡਰੋਨ ਤਕਨੀਕ ਦੀ ਵਰਤੋਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਰਾਹੀਂ ਅਣਸੁਖਾਵੀਂ ਥਾਵਾਂ ‘ਤੇ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਡਰੋਨਾਂ ਰਾਹੀਂ ਲਾਰਵੀਸਾਈਡ ਸਪਰੇਅ ਕਰਨ ਦੇ ਵਿਸ਼ੇਸ਼ ਫਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਡਰੋਨ ਉੱਚੀਆਂ ਇਮਾਰਤਾਂ ਦੀਆਂ ਛੱਤਾਂ, ਵੱਡੇ ਪਲਾਟਾਂ ਅਤੇ ਅਜਿਹੇ ਸਥਾਨਾਂ ਤੱਕ ਪਹੁੰਚ ਸਕਦੇ ਹਨ ਜਿੱਥੇ ਸਿਹਤ ਕਰਮਚਾਰੀਆਂ ਲਈ ਪਹੁੰਚਣਾ ਮੁਸ਼ਕਲ ਹੈ। ਡਰੋਨ ਥੋੜ੍ਹੇ ਸਮੇਂ ਵਿੱਚ ਵੱਡੇ ਖੇਤਰਾਂ ਵਿੱਚ ਛਿੜਕਾਅ ਕਰ ਸਕਦੇ ਹਨ, ਜਿਸ ਨਾਲ ਰੋਕਥਾਮ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਡਰੋਨ ਦੀ ਮਦਦ ਨਾਲ ਲਾਰਵੇ ਨੂੰ ਨਸ਼ਟ ਕਰਨ ਵਾਲੀ ਦਵਾਈ ਯੋਜਨਾਬੱਧ ਤਰੀਕੇ ਨਾਲ ਵੱਡੇ ਅਤੇ ਸੰਵੇਦਨਸ਼ੀਲ ਖੇਤਰਾਂ ਤੱਕ ਪਹੁੰਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲਾਰਵੀਸਾਈਡ ਛੱਡਣ ਨਾਲ ਕਿਸੇ ਵੀ ਵਿਅਕਤੀ, ਜਾਨਵਰ, ਪੰਛੀ ਆਦਿ ਨੂੰ ਕੋਈ ਨੁਕਸਾਨ ਨਹੀਂ ਹੁੰਦਾ ਹੈ, ਕੇਵਲ ਆਧੁਨਿਕ ਤਕਨੀਕ ਦੀ ਵਰਤੋਂ ਨਾਲ ਮੱਛਰਾਂ ਦੀ ਪੈਦਾਵਾਰ ਨੂੰ ਕੰਟਰੋਲ ਕਰਨ ਦੇ ਉਪਰਾਲੇ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਹਨ।

ਫੋਟੋ: ਸਿਵਲ ਸਰਜਨ ਡਾ: ਸੈਲੀ ਜੇਤਲੀ ਡਰੋਨ ਰਾਹੀਂ ਲਾਰਵੀਸਾਈਡ ਸਪਰੇਅ ਦੀ ਵਿਸ਼ੇਸ਼ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ।