ਪਟਿਆਲਾ: ਪਟਿਆਲਾ ਵਿਖੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਲਹਿਰਾਉਣਗੇ ਤਿਰੰਗਾ ਝੰਡਾ-ਡਾ. ਪ੍ਰੀਤੀ ਯਾਦਵ
-ਏਡੀਸੀ ਸਿਮਰਪ੍ਰੀਤ ਕੌਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਪਟਿਆਲਾ, 9 ਜਨਵਰੀ:
ਦੇਸ਼ ਦੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਪਟਿਆਲਾ ਵਿਖੇ ਦੇਸ਼ ਦਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਿਭਾਉਣਗੇ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਪ੍ਰੀਤੀ ਯਾਦਵ ਨੇ ਕੀਤਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਵਾਰ ਪਟਿਆਲਾ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੌਰਾਨ ਏ.ਡੀ.ਸੀ.(ਜ) ਸਿਮਰਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲੈਣ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕਰਨਗੇ।
ਸਿਮਰਪ੍ਰੀਤ ਕੌਰ ਨੇ ਸਮਾਗਮ ਦੀ ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿਸ ਵਿੱਚ ਸ਼ਾਨਦਾਰ ਪਰੇਡ, ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ, ਗਿੱਧਾ, ਭੰਗੜਾ, ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਦੀਆਂ ਤਿਆਰੀਆਂ ਸ਼ਾਮਲ ਸਨ।
ਏ.ਡੀ.ਸੀ ਨੇ ਆਦੇਸ਼ ਦਿੱਤੇ ਕਿ ਇਸ ਸਮਾਗਮ ਦੌਰਾਨ ਜਿੱਥੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ, ਉੱਥੇ ਹੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਮੇਤ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਮਹੱਤਵਪੂਰਨ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ: ਇਸਮਤ ਵਿਜੇ ਸਿੰਘ, ਆਰ.ਟੀ.ਓ ਬਬਨਦੀਪ ਸਿੰਘ ਵਾਲੀਆ, ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ, ਨਗਰ ਨਿਗਮ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ ਅਤੇ ਹੋਰ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
