ਪਟਿਆਲਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪਟਿਆਲਾ 10 ਨਵੰਬਰ
ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀਆਂ ਆਮ ਚੋਣਾਂ-2025 ਦੌਰਾਨ ਸੁਰੱਖਿਆ ਅਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਹਰੇਕ ਪਿੰਡ ਅਤੇ ਬੂਥ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਜਿੱਥੇ ਸੰਵੇਦਨਸ਼ੀਲ ਜਾਂ ਅਤਿ ਸੰਵੇਦਨਸ਼ੀਲ ਬੂਥ ਹਨ, ਉਨ੍ਹਾਂ ਦੀ ਸ਼ਨਾਖਤ ਕਰਕੇ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਵੇਦਨਸ਼ੀਲ ਬੂਥਾਂ ਅਤੇ ਨਾਮਜ਼ਦਗੀ ਕੇਂਦਰਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਾਰੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ।
ਡੀਸੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਚੋਣ ਸਬੰਧੀ ਤਿਆਰੀਆਂ ਦਾ ਖੁਦ ਨਿਰੀਖਣ ਕਰਨ ਅਤੇ ਸਾਰੇ ਵਿਭਾਗਾਂ ਨਾਲ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ‘ਤੇ ਸਾਫ਼-ਸਫ਼ਾਈ, ਬਿਜਲੀ, ਪਾਣੀ ਅਤੇ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐਸਪੀ ਵੈਭਵ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਕਿਰਪਾਲ ਵੀਰ ਸਿੰਘ, ਅਸ਼ੋਕ ਕੁਮਾਰ, ਜਸ਼ਨਪ੍ਰੀਤ ਕੌਰ ਗਿੱਲ, ਇਸਮਤ ਵਿਜੇ ਸਿੰਘ, ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਰਿਚਾ ਗੋਇਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
