ਪਟਿਆਲਾ: ਰਾਜਪੁਰਾ ਦੇ ਸਿਵਲ ਹਸਪਤਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਸੈਂਟਰ ਦਾ ਉਦਘਾਟਨ
ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ – ਡਾ ਬਲਬੀਰ ਸਿੰਘ
ਰਾਜਪੁਰਾ/ਪਟਿਆਲਾ, 25 ਜਨਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਰਾਜਪੁਰਾ ਦੇ ਸਿਵਲ ਹਸਪਤਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਕੇਂਦਰ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਦੇ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਸਮੁੱਚੀ ਪ੍ਰਕਿਰਿਆ ਨੂੰ ਸਰਲ ਸ਼ਬਦਾਂ ਵਿੱਚ ਸਮਝਾਇਆ।
ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਕੀਤੀ ਗਈ ਹੈ।ਇਸ ਯੋਜਨਾ ਤਹਿਤ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ 3 ਕਰੋੜ ਦੇ ਕਰੀਬ ਲੋਕ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੀਂ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ।
ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਤਹਿਤ ਸਿਹਤ ਕਾਰਡ ਬਣਾਉਣ ਲਈ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਅਦਾ ਕਰਨੀ ਪਵੇਗੀ। ਸਰਕਾਰ ਵੱਲੋਂ ਇਹ ਰਾਸ਼ੀ ਪਹਿਲਾਂ ਹੀ ਬੀਮਾ ਕੰਪਨੀ ਨੂੰ ਅਦਾ ਕਰ ਦਿੱਤੀ ਗਈ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਕਾਰਡ ਰਾਹੀਂ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਹ ਸਕੀਮ ਖਾਸ ਕਰਕੇ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ। ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ‘ਤੇ ਹੋਣ ਵਾਲੇ ਵੱਡੇ ਖਰਚੇ ਤੋਂ ਰਾਹਤ ਮਿਲੇਗੀ ਅਤੇ ਕੋਈ ਵੀ ਪੈਸੇ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ।
ਉਨ੍ਹਾਂ ਕਿਹਾ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਹੀ ਆਸਾਨ ਅਤੇ ਪਾਰਦਰਸ਼ੀ ਹੈ। ਲੋੜੀਂਦੇ ਦਸਤਾਵੇਜ਼ਾਂ ਦੇ ਨਾਲ ਨਿਰਧਾਰਤ ਕੇਂਦਰ ‘ਤੇ ਪਹੁੰਚ ਕੇ ਥੋੜ੍ਹੇ ਸਮੇਂ ਵਿੱਚ ਕਾਰਡ ਤਿਆਰ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਉਠਾ ਰਹੇ ਹਨ, ਜਿਸ ਤੋਂ ਪਤਾ ਚੱਲਦਾ ਹੈ ਕਿ ਇਸ ਸਕੀਮ ਦੀ ਸਫਲਤਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਬਿਹਤਰ, ਮੁਫਤ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
