ਪਟਿਆਲਾ : 8 ਦਸੰਬਰ ਤੋਂ 10 ਦਸੰਬਰ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ – ਡੀ.ਸੀ.ਪਟਿਆਲਾ
– 0 ਤੋਂ 5 ਸਾਲ ਦੇ 1,75,671 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।
ਪਟਿਆਲਾ 4 ਦਸੰਬਰ:
ਪਟਿਆਲਾ ਜ਼ਿਲ੍ਹੇ ਵਿੱਚ 08 ਤੋਂ 10 ਦਸੰਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ 1,75,671 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦਿਆਂ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਦੀ ਲੋੜ ਹੈ | ਇਸ ਲਈ ਹਰ ਵਿਭਾਗ ਨੂੰ ਇਹ ਕੰਮ ਪੂਰੀ ਤਨਦੇਹੀ ਨਾਲ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਪੋਲੀਓ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ।
ਡਾ: ਪ੍ਰੀਤੀ ਯਾਦਵ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣ। ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਨੂੰ ਪਿੰਡਾਂ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੇ ਸਪੀਕਰਾਂ ਰਾਹੀਂ ਪਿੰਡਾਂ ਵਿੱਚ ਪਲਸ ਪੋਲੀਓ ਬਾਰੇ ਐਲਾਨ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਵੀ ਕਿਹਾ ਕਿ ਉਹ ਬੂਥਾਂ ‘ਤੇ ਆਪਣੇ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਪੀ.ਆਰ.ਟੀ.ਸੀ ਦਫ਼ਤਰ ਨੂੰ ਇਹ ਵੀ ਹਦਾਇਤ ਕੀਤੀ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਦੇ ਡਰਾਈਵਰਾਂ ਨੂੰ 08 ਤੋਂ 10 ਦਸੰਬਰ ਤੱਕ ਪੋਲੀਓ ਟਰਾਂਜ਼ਿਟ ਬੂਥਾਂ ‘ਤੇ ਹਰ ਬੱਸ ਨੂੰ ਰੋਕਣ ਅਤੇ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਜਿਨ੍ਹਾਂ ਦੇ ਛੋਟੇ ਬੱਚੇ ਹਨ, ਨੂੰ ਪੋਲੀਓ ਬੂੰਦਾਂ ਪਿਲਾਉਣ ਵਿੱਚ ਮਦਦ ਕਰਨ। ਉਨ੍ਹਾਂ ਏ.ਐਫ.ਐਸ.ਓਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਭੱਠਿਆਂ/ਸ਼ੈਲਰ ਅਤੇ ਪੋਲਟਰੀ ਫਾਰਮ ਮਾਲਕਾਂ ਨੂੰ 0-5 ਸਾਲ ਦੀ ਉਮਰ ਦੇ ਮਜ਼ਦੂਰਾਂ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂਥਾਂ ‘ਤੇ ਲੈ ਕੇ ਜਾਣ ਅਤੇ ਉਨ੍ਹਾਂ ਨੂੰ ਦਵਾਈ ਪਿਲਾਉਣ ਲਈ ਲਿਖਣ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਜਤਿੰਦਰ ਕਾਂਸਲ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਕੁੱਲ 922 ਬੂਥ ਸਥਾਪਿਤ ਕੀਤੇ ਜਾਣਗੇ ਅਤੇ 1844 ਟੀਮਾਂ ਵੱਲੋਂ 1,75,671 ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਉਨ੍ਹਾਂ ਅੱਗੇ ਦੱਸਿਆ ਕਿ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ 25 ਮੋਬਾਈਲ ਟੀਮਾਂ ਅਤੇ 32 ਟਰਾਂਜ਼ਿਟ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 193 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਹੜੇ ਬੱਚੇ ਕਿਸੇ ਕਾਰਨ ਦਵਾਈ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 9 ਅਤੇ 10 ਦਸੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੋਲੀਓ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।
ਮੀਟਿੰਗ ਵਿੱਚ ਏ.ਡੀ.ਸੀ.ਈਸ਼ਾ ਸਿੰਗਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਕੁਸ਼ਲਦੀਪ ਗਿੱਲ, ਜ਼ਿਲ੍ਹਾ ਸਿਹਤ ਅਫ਼ਸਰ ਗੁਰਪ੍ਰੀਤ ਕੌਰ, ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਡਾ: ਜਗਵਿੰਦਰ ਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਤੋਂ ਇਲਾਵਾ ਸਿੱਖਿਆ ਵਿਭਾਗ ਅਤੇ ਪੁਲਿਸ ਦੇ ਅਧਿਕਾਰੀ ਵੀ ਹਾਜ਼ਰ ਸਨ।