ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੀ ਇਕ ਹੋਰ ਸਫਲਤਾ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ 10 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਥੌਲ (ਅੰਮ੍ਰਿਤਸਰ) ਵਜੋਂ ਹੋਈ ਹੈ।
ਇਹ ਕਾਰਵਾਈ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਸਿੰਡੀਕੇਟ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦੇ ਦੋ ਦਿਨ ਬਾਅਦ ਹੋਈ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 27 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਰਤੂਸ ਅਤੇ ਇੱਕ ਵਿਦੇਸ਼ੀ ਬਣੀ .30 ਬੋਰ ਪੀਐਕਸ 5 ਪਿਸਤੌਲ ਬਰਾਮਦ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਹਿਣ ‘ਤੇ ਹੈਰੋਇਨ ਪ੍ਰਾਪਤ ਕਰ ਰਿਹਾ ਸੀ ਅਤੇ ਸਪਲਾਈ ਕਰ ਰਿਹਾ ਸੀ।
ਆਪਰੇਸ਼ਨ ਦੇ ਵੇਰਵੇ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸਹਿਜਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਉਸ ਦੇ ਘਰ ਨੇੜੇ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਨੂੰ ਹੋਰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਦੇ ਘਰ ਛਾਪਾ ਮਾਰਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 59, ਮਿਤੀ 17-09-2026 ‘ਤੇ ਕੇਸ ਦਰਜ ਕੀਤਾ ਗਿਆ ਹੈ।
