ਪੰਜਾਬ: ਰਿਸ਼ਵਤ ਦੇ ਮਾਮਲੇ ਵਿੱਚ ਐਸਐਚਓ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਵਿੱਢੀ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿੱਚ ਤਾਇਨਾਤ ਐਸਐਚਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਬੂ ਬੇਗ, ਜਿਲਾ ਫਿਰੋਜ਼ਪੁਰ ਨੇ ਉਕਤ ਪੁਲਿਸ ਅਧਿਕਾਰੀ ਰੁਪਿੰਦਰ ਪਾਲ ਸਿੰਘ ਖਿਲਾਫ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤ ਅਤੇ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਦੋਸ਼ੀ ਐੱਸ.ਐੱਚ.ਓ ਵੱਲੋਂ ਮੇਜਰ ਸਿੰਘ ਅਤੇ ਉਸ ਦੇ ਲੜਕੇ ਦੇ ਖਿਲਾਫ ਥਾਣਾ ਗੁਲਗੜ੍ਹੀ ‘ਚ ਦਰਜ ਕੇਸ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਉਸ ਨੇ ਉਨ੍ਹਾਂ ਦੀ ਮਦਦ ਕਰਨ ਬਦਲੇ 80 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ | ਅਤੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਰਜ ਨਹੀਂ ਕੀਤਾ, ਜਦਕਿ ਉਕਤ ਪੁਲਿਸ ਅਧਿਕਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਜਾਂਚ ਦੌਰਾਨ ਦੋਸ਼ਾਂ ਦੇ ਸਹੀ ਪਾਏ ਜਾਣ ‘ਤੇ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
