ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ



ਚੰਡੀਗੜ੍ਹ, 20 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦੀ ਖੇਤਰ ਸਮੂਹ (ਕੰਡੇਦਾਰ ਤਾਰ ਤੋਂ ਪਾਰ ਫੀਡਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀ.ਐਸ.ਆਰ ਦੇ ਖੇਤਰਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਅਤੇ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ 8 ਘੰਟੇ ਸਪਲਾਈ ਦਿੱਤੀ ਜਾਵੇਗੀ। ਹਾਲਾਂਕਿ ਕਪਾਹ ਖੇਤਰ ਦੇ ਫੀਡਰਾਂ ਨੂੰ ਕਪਾਹ ਦੀ ਖੇਤੀ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਿੱਥੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਾਣ ਭੱਤਾ ਦੇ ਰਹੀ ਹੈ, ਉੱਥੇ ਹੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਵੀ ਯਕੀਨੀ ਬਣਾ ਰਹੀ ਹੈ।

Leave a Reply

Your email address will not be published. Required fields are marked *