ਹੁਣ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਬੱਸਾਂ ਚੱਲਣਗੀਆਂ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਚੱਲ ਰਹੇ ਵੱਖ-ਵੱਖ ਮਾਫੀਆ ਖਿਲਾਫ ਸ਼ਿਕੰਜਾ ਕੱਸ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 15 ਜੂਨ ਤੋਂ ਵੋਲਵੋ ਬੱਸਾਂ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਅੱਧੇ ਕਿਰਾਏ ‘ਤੇ ਦਿੱਲੀ ਹਵਾਈ ਅੱਡੇ ‘ਤੇ ਸਿੱਧੀਆਂ ਚੱਲਣਗੀਆਂ। ਮਾਨ ਨੇ ਕਿਹਾ ਕਿ ਐਨ.ਸੀ.ਆਰ.ਆਈ ਨੇ ਹਮੇਸ਼ਾ ਹੀ ਏਅਰਪੋਰਟ ਆਉਣ ਅਤੇ ਜਾਣ ਲਈ ਨਿੱਜੀ ਬੱਸਾਂ ਜਾਂ ਨਿੱਜੀ ਵਾਹਨਾਂ ਦੀ ਵਰਤੋਂ ਕਰਨ ਦੀ ਸ਼ਿਕਾਇਤ ਕੀਤੀ ਹੈ।
ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਵੋਲਵੋ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਅੱਧਾ ਹੋਵੇਗਾ ਅਤੇ ਸਹੂਲਤਾਂ ਪ੍ਰਾਈਵੇਟ ਬੱਸਾਂ ਨਾਲੋਂ ਵੱਧ ਹੋਣਗੀਆਂ। ਇਨ੍ਹਾਂ ਬੱਸਾਂ ਨੂੰ ਰੋਡਵੇਜ਼, ਪਨਬੱਸ ਜਾਂ ਪੈਪਸੂ ਦੀ ਵੈੱਬਸਾਈਟ ‘ਤੇ ਜਾ ਕੇ ਜਾਂ ਉਨ੍ਹਾਂ ਦਾ ਸਮਾਂ-ਸਾਰਣੀ ਦੇਖ ਕੇ ਬੁੱਕ ਕੀਤਾ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਇਸ ਨਾਲ ਬੱਸ ਮਾਫੀਆ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੇ ਵਿਕਾਸ ‘ਤੇ ਖਰਚਣ ਲਈ ਵਚਨਬੱਧ ਹੈ। ਪਿਛਲੀਆਂ ਸਰਕਾਰਾਂ ਵੇਲੇ ਅਜਿਹਾ ਨਹੀਂ ਸੀ ਹੁੰਦਾ ਅਤੇ ਲੋਕਾਂ ਦਾ ਪੈਸਾ ਕੁਝ ਲੋਕਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸੁਝਾਵਾਂ ‘ਤੇ ਕੰਮ ਕਰ ਰਹੀ ਹੈ।
