-ਫਿਰੋਜ਼ਪੁਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ।
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ, ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 21 ਸਤੰਬਰ:
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਫਿਰੋਜ਼ਪੁਰ ਦੇ ਪਿੰਡ ਗੱਟੀ ਮਸਤਾ ਵਿਖੇ ਮੰਗਲਵਾਰ ਸ਼ਾਮ ਨੂੰ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਨ ਵਾਲੇ ਸਹਾਇਕ ਜੂਨੀਅਰ ਇੰਜੀਨੀਅਰ (ਜੇ.ਈ.) ਕਰਨੈਲ ਸਿੰਘ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਪ ਮੰਡਲ ਦਫ਼ਤਰ ਵਿੱਚ ਤਾਇਨਾਤ ਸਹਾਇਕ ਜੇ.ਈ.ਕਰਨੈਲ ਸਿੰਘ ਪਿੰਡ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਗਿਆ ਸੀ ਤਾਂ ਕੁਝ ਵਿਅਕਤੀਆਂ ਨੇ ਆਪਣੇ ਵਿਰੋਧੀ ਦੇ ਘਰ ਮੀਟਰ ਲਗਾਉਣ ਲਈ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ।
ਮੰਤਰੀ ਨੇ ਕਰਨੈਲ ਸਿੰਘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਮਮਦੋਟ ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਅਤੇ ਭਾਰਤੀ ਦੰਡਾਵਲੀ ਦੀਆਂ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਦੁਰਵਿਵਹਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਥਾਣਾ ਮਮਦੋਟ ਵਿਖੇ ਆਈਪੀਸੀ ਦੀ ਧਾਰਾ 307, 332, 341, 353, 186, 506, 148, 159 ਅਤੇ 323 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
—————
