ਬ੍ਰਹਮ ਸ਼ੰਕਰ ਗਿੰਪਾ ਨੇ ਹੁਸ਼ਿਆਰਪੁਰ ਨੂੰ ਪੀਣ ਯੋਗ ਨਹਿਰੀ ਪਾਣੀ ਦੀ ਸਪਲਾਈ ਲਈ ਇੱਕ ਮਹੀਨੇ ਅੰਦਰ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ।


ਪ੍ਰਸਤਾਵਿਤ ਪ੍ਰਾਜੈਕਟ ਨਾਲ ਲਗਪਗ 350 ਪਿੰਡਾਂ ਨੂੰ ਪੀਣ ਯੋਗ ਨਹਿਰੀ ਪਾਣੀ ਦੀ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ ਚੰਡੀਗੜ੍ਹ: ਸੂਬੇ ਦੇ ਹਰ ਘਰ ਤੱਕ ਪੀਣ ਯੋਗ ਟੂਟੀ ਦਾ ਪਾਣੀ ਮੁਹੱਈਆ ਕਰਵਾਉਣ ਦੇ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਉਂਦੇ ਹੋਏ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਬ੍ਰਹਮ ਸ਼ੰਕਰ ਜਿੰਪਾ ਵੱਲੋਂ ਅੱਜ ਹੁਸ਼ਿਆਰਪੁਰ ਸ਼ਹਿਰ ਅਤੇ ਇਸ ਜ਼ਿਲ੍ਹੇ ਦੇ ਪਿੰਡਾਂ ਦੇ ਵਾਸੀਆਂ ਨੂੰ ਪੀਣ ਯੋਗ ਨਹਿਰੀ ਪਾਣੀ ਦੀ ਸਪਲਾਈ ਕੀਤੀ ਗਈ। ਇਸ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਯੋਜਨਾ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਹ ਇੱਥੇ ਆਪਣੇ ਦਫ਼ਤਰ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ, ਜਲ ਸਰੋਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਤਾਲਮੇਲ ਨਾਲ ਕੰਮ ਕਰਨ ਲਈ ਆਖਦਿਆਂ ਸ੍ਰੀ ਗਿੰਪਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨੂਰਪੁਰ ਬੇਦੀ ਨੇੜੇ ਸਤਲੁਜ ਦਰਿਆ ਤੋਂ ਟੇਪਿੰਗ ਪੁਆਇੰਟ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ। ਪ੍ਰਸਤਾਵਿਤ ਪ੍ਰੋਜੈਕਟ ਹੁਸ਼ਿਆਰਪੁਰ ਸ਼ਹਿਰ ਅਤੇ ਗੜ੍ਹਸ਼ੰਕਰ ਅਤੇ ਮਾਹਿਲਪੁਰ ਬਲਾਕਾਂ ਤੋਂ ਇਲਾਵਾ ਕੰਢੀ/ਬੀਟ ਖੇਤਰ ਦੇ 350 ਪਿੰਡਾਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਪੀਣ ਯੋਗ 15 ਨਹਿਰੀ ਜਲ ਸਪਲਾਈ ਪ੍ਰੋਜੈਕਟਾਂ ਦੇ ਇਨਟੇਕ ਢਾਂਚੇ ਨੂੰ ਤੁਰੰਤ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਦੱਸਿਆ ਕਿ ਇਹ 15 ਪ੍ਰੋਜੈਕਟ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਟਿਆਲਾ, ਫਤਹਿਗੜ੍ਹ ਸਾਹਿਬ, ਤਲਵਾੜਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਲਗਭਗ 1700 ਪਿੰਡਾਂ ਨੂੰ ਕਵਰ ਕਰਨਗੇ। ਸ੍ਰੀ ਗਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਬਣਾਏ ਜਾ ਰਹੇ 59 ਐਸ.ਟੀ.ਪੀ. ਨਾਲ ਹੀ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਟਰੀਟ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਯਤਨ ਕਰਨ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਅਤੇ ਵਿਭਾਗ ਦੇ ਮੁਖੀ ਸ੍ਰੀ ਵਿਪੁਲ ਉਜਵਲ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਮੁੱਖ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ. ਕੁਲਦੀਪ ਸਿੰਘ ਸੈਣੀ ਅਤੇ ਮੁੱਖ ਇੰਜਨੀਅਰ (ਹੈੱਡਕੁਆਰਟਰ) ਜਲ ਸਰੋਤ ਸ੍ਰੀ ਈਸ਼ਵਰ ਦਾਸ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *