ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਹਸਤਾਖਰ ਮੁਹਿੰਮ ਦੇ ਸਮਰਥਨ ਵਿੱਚ ਬਾਪੂ ਸੂਰਤ ਸਿੰਘ ਨੇ ਵੀ ਪ੍ਰੋਫਾਰਮਾ ਭਰਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ, ਜਿਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਲਹਿਰ ਬਣਾਉਣ ਲਈ ਸ਼ੁਰੂ ਕੀਤੀ ਹਸਤਾਖਰ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਪ੍ਰੋਫਾਰਮਾ ਭਰਦਿਆਂ ਸੰਗਤਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਬਾਪੂ ਸੂਰਤ ਸਿੰਘ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਪ੍ਰੋਫਾਰਮੇ ਭਰ ਕੇ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਦਾ ਕੰਮ ਵੀ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਮੁੱਚੀ ਸਿੱਖ ਕੌਮ ਦਾ ਮਸਲਾ ਹੈ ਅਤੇ ਉਹ ਇਸ ਸਬੰਧੀ ਸੰਘਰਸ਼ ਕਰਨ ਵਾਲੇ ਹਰ ਵਿਅਕਤੀ ਦਾ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਖ਼ਤ ਸੰਘਰਸ਼ ਕੀਤਾ ਹੈ, ਜੋ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।