ਅੰਮ੍ਰਿਤਸਰ, 4 ਫਰਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਵਜ਼ੀਫੇ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਮੌਲਾਨਾ ਆਜ਼ਾਦ ਨੈਸ਼ਨਲ ਫੈਲੋਸ਼ਿਪ ਅਤੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਤਹਿਤ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾਂਦਾ ਸੀ, ਜੋ ਪਿਛਲੇ ਸਾਲ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਰਕਾਰ ਨੂੰ ਮੁੜ ਵਿਚਾਰ ਕਰਨ ਲਈ ਕਿਹਾ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਦੇਸ਼ ਭਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਇਸ ਸਕੀਮ ਦੇ ਬੰਦ ਹੋਣ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰਭਾਵਿਤ ਹੋਣਗੇ। ਖੋਜ ਕਾਰਜ ਅਤੇ ਪੜ੍ਹਾਈ ਲਈ ਇਸ ਫੈਲੋਸ਼ਿਪ ਤੋਂ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਾਂਝਾ ਰੱਖਣਾ ਬਹੁਤ ਹੀ ਮੰਦਭਾਗਾ ਹੈ। ਅਜਿਹੀਆਂ ਸਕੀਮਾਂ ਦੇਸ਼ ਦੀ ਤਰੱਕੀ ਲਈ ਬਹੁਤ ਕਾਰਗਰ ਸਾਬਤ ਹੁੰਦੀਆਂ ਹਨ ਪਰ ਸਰਕਾਰਾਂ ਵੱਲੋਂ ਘੱਟ ਗਿਣਤੀਆਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਨਾ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਘੱਟ ਗਿਣਤੀਆਂ ਪ੍ਰਤੀ ਸਰਕਾਰ ਦੀ ਕਾਰਜਸ਼ੈਲੀ ਇਸੇ ਤਰ੍ਹਾਂ ਰਹੀ ਤਾਂ ਸਰਕਾਰ ਪ੍ਰਤੀ ਉਦਾਸੀਨਤਾ ਅਤੇ ਅਵਿਸ਼ਵਾਸ ਪੈਦਾ ਹੋਣਾ ਯਕੀਨੀ ਹੈ। ਇਸ ਲਈ ਸਰਕਾਰ ਨੂੰ ਘੱਟ-ਗਿਣਤੀਆਂ ਨਾਲ ਸਬੰਧਤ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ ਕਰਨਾ ਚਾਹੀਦਾ ਹੈ, ਤਾਂ ਜੋ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਬਣਿਆ ਰਹੇ। ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਬੰਦ ਕੀਤੀ ਵਜ਼ੀਫ਼ਾ ਮੁੜ ਚਾਲੂ ਕਰਨ ਦੀ ਅਪੀਲ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
