ਚੰਡੀਗੜ੍ਹ, 20 ਫਰਵਰੀ, 2023 : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨੂੰ ਮੁੱਖ ਤਰਜੀਹ ਦੇ ਰਹੀ ਹੈ। ਸੂਬਾ ਸਰਕਾਰ ਨੇ ਮਹਿਜ਼ 11 ਮਹੀਨਿਆਂ ਦੇ ਅਰਸੇ ਵਿੱਚ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰੋਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਅਣਗੌਲਿਆਂ ਕੀਤੇ ਗਏ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਬਾਂਹ ਫੜੀ ਹੈ ਅਤੇ ਜਿੱਥੇ ਤਰੱਕੀਆਂ ਦਿੱਤੀਆਂ ਹਨ, ਉੱਥੇ ਨਵੀਆਂ ਭਰਤੀਆਂ ਵੀ ਕੀਤੀਆਂ ਹਨ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟਿਊਬਵੈੱਲਾਂ ਅਤੇ ਖੋਖਿਆਂ ਦੇ 220 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਜਲ ਸਰੋਤ ਮੰਤਰੀ ਨੇ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਜਿਸ ਕਰਕੇ ਨਵ-ਨਿਯੁਕਤ ਕਰਮਚਾਰੀ ਆਪਣੀਆਂ ਬਿਹਤਰ ਸੇਵਾਵਾਂ ਦੇ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਆਪਣੀ ਤਾਇਨਾਤੀ ਤੋਂ ਬਾਅਦ ਤਬਾਦਲੇ ਦੀ ਬਜਾਏ ਡਿਊਟੀ ਨੂੰ ਪਹਿਲ ਦੇਣੀ ਚਾਹੀਦੀ ਹੈ। ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਡਾ: ਹਰਿੰਦਰਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।