ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕਈ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿਚ ਹੋਏ ਸ਼ਾਮਲ
ਚੰਡੀਗੜ੍ਹ, 10 ਨਵੰਬਰ ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਲਖਬੀਰ ਸਿੰਘ ਲੱਖਾ ਤੇ ਗੁਰਪ੍ਰੀਤ ਸਿੰਘ ਜੀ.ਪੀ.ਅਤੇ ਹੋਰ ਪਾਰਟੀ ਲੀਡਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ। ਪਾਰਟੀ ਵਿਚ ਸ਼ਾਮਲ ਹੋਣ ਉਤੇ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਤੇ ਸਨਮਾਨ ਵਾਲੀ ਗੱਲ ਹੈ ਕਿ ਵਿਧਾਇਕ ਰੂਬੀ ਨੇ ਉਨ੍ਹਾਂ ਦੀ ਸਰਕਾਰ ਦੀਆਂ ਹਾਲ ਹੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ। ਉਨ੍ਹਾਂ ਨੇ ਰੂਬੀ ਵੱਲੋਂ ਆਪ ਨਾਲੋਂ ਨਾਤਾ ਤੋੜਨ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੋਣ ਦੇ ਦਾਅਵੇ ਕਰਕੇ ਅਸਲ ਵਿਚ ਅਜਿਹੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ ਗੱਲ ਦਾ ਭਲੀ-ਭਾਂਤ ਅਹਿਸਾਸ ਹੋ ਗਿਆ ਹੈ ਕਿ ਅਸਲ ਵਿਚ ਕਾਂਗਰਸ ਹੀ ਸੂਬੇ ਦੀਆਂ ਜੜ੍ਹਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਲੋਕਾਂ ਦੀਆਂ ਦੁੱਖ-ਤਕਲੀਫਾਂ ਅਤੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਸੰਜੀਦਾ ਹੈ।
ਇਸ ਤੋਂ ਪਹਿਲਾਂ ਵਿਧਾਇਕ ਰੂਬੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਕੇ ਬਹੁਤ ਖੁਸ਼ੀ ਹੋਈ ਹੈ ਕਿਉਂਕਿ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਹਕੀਕਤ ਵਿਚ ਕਾਂਗਰਸ ਹੀ ਆਮ ਆਦਮੀ ਦੀ ਪਾਰਟੀ ਹੈ। ਉਨ੍ਹਾਂ ਨੇ ਕਾਂਗਰਸ ਦੀ ਆਲ੍ਹਾ ਕਮਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਵਿਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ।
ਇਸ ਦੌਰਾਨ ਰੂਬੀ ਨੇ ਬੀਤੇ 50 ਦਿਨਾਂ ਵਿਚ ਮੁੱਖ ਮੰਤਰੀ ਚੰਨੀ ਦੀ ਦੂਰਅੰਦੇਸ਼ ਅਗਵਾਈ ਵਿਚ ਕਾਂਗਰਸ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜੋ ਦਿੱਲੀ ਵਿਚ ਕੇਜਰੀਵਾਲ ਸਰਕਾਰ ਦੇ 49 ਦਿਨਾਂ ਨਾਲੋਂ ਕਿਤੇ ਬਿਹਤਰ ਹੈ। ਰੂਬੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਸੋਚ ਤੋਂ ਬਹੁਤ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਇਸ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ।
ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿਚ ਸ਼ਾਮਲ ਹੋਣ ਉਤੇ ਰੁਪਿੰਦਰ ਕੌਰ ਰੂਬੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਸ ਨੇ ਸਹੀ ਸਮੇਂ ਉਤੇ ਸਹੀ ਤੇ ਠੋਸ ਫੈਸਲੇ ਲਿਆ ਹੈ।