ਨਵੀਂ ਉਦਯੋਗਿਕ ਨੀਤੀ ਬਣਾਉਣ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਕਲਪਨਾ ਕੀਤੀ ਗਈ ਹੈ ਕਿ ਨਵੀਂ ਨੀਤੀ ਰਾਜ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਵਿਕਾਸ ਮਾਰਗ ‘ਤੇ ਪਾਵੇਗੀ
ਚੰਡੀਗੜ੍ਹ, 1 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਉਦਯੋਗਾਂ ਨੂੰ ਜਲਦੀ ਸਮਰਪਿਤ ਕੀਤੀ ਜਾਵੇ।
ਅੱਜ ਇੱਥੇ ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਨ ਦੀ ਕਗਾਰ ‘ਤੇ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਨਵੀਂ ਸਨਅਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ, ਉਹ ਇਸ ਲਈ ਧੁਰੇ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਇਹ ਸਨਅਤ ਨੀਤੀ ਸਾਰੇ ਹਿੱਸੇਦਾਰਾਂ ਖਾਸ ਕਰਕੇ ਉਦਯੋਗਪਤੀਆਂ ਦੇ ਵਿਚਾਰ ਲੈ ਕੇ ਤਿਆਰ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਵਿੱਚ ਸੂਬੇ ਦੇ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਵਿਵਸਥਿਤ ਰੂਪ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਹਾਲ ਹੀ ਵਿੱਚ ਹੈਦਰਾਬਾਦ, ਚੇਨਈ ਅਤੇ ਮੁੰਬਈ ਦੇ ਦੌਰਿਆਂ ਦੌਰਾਨ ਉਦਯੋਗਪਤੀਆਂ ਤੋਂ ਜੋ ਰਾਏ ਪ੍ਰਾਪਤ ਕੀਤੀ ਗਈ ਹੈ, ਉਸ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਸਨਅਤੀ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਦੇਵੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਇਸ ਨੀਤੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਸ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਨੀਤੀ ਜਲਦੀ ਤੋਂ ਜਲਦੀ ਉਦਯੋਗਪਤੀਆਂ ਨੂੰ ਸਮਰਪਿਤ ਹੋਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੀਤੀ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚ ਪੱਧਰ ‘ਤੇ ਲਿਆਏਗੀ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੁਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ, ਉਦਯੋਗ ਨਿਰਦੇਸ਼ਕ ਸਿਬਿਨ ਸੀ ਅਤੇ ਹੋਰ ਵੀ ਮੌਜੂਦ ਸਨ।