ਉਨ੍ਹਾਂ ਦਾਅਵਾ ਕੀਤਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਇਲਾਜ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 10 ਜਨਵਰੀ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ ਹਾਈਟੈਕ 5ਡੀ ਬੁੱਤ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕਿਹਾ।

ਮੁੱਖ ਮੰਤਰੀ ਨੇ ਪ੍ਰਸਤਾਵਿਤ ਜਗ੍ਹਾ ਦਾ ਨਿਰੀਖਣ ਕੀਤਾ ਜਿੱਥੇ ਇਹ ਹਾਈ-ਟੈਕ ਬੁੱਤ ਲਗਾਇਆ ਜਾਣਾ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਜੋਸ਼ ਨਾਲ ਕਰਨ ਲਈ ਪ੍ਰੇਰਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਹੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ ‘ਤੇ ਉਤਰਨ ਵਾਲੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਨੌਜਵਾਨ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਸ ਨੌਜਵਾਨ ਰਾਸ਼ਟਰੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਵੀ ਯਾਦ ਦਿਵਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਬਰਾਬਰਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਹਾਮੀ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਨੇ ਭ੍ਰਿਸ਼ਟਾਚਾਰ ਅਤੇ ਬੇਇਨਸਾਫ਼ੀ ਤੋਂ ਮੁਕਤ ਸਮਾਜ ਦੀ ਕਲਪਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਅਜਿਹੀ ਵਿਚਾਰਧਾਰਾ ਹੀ ਭਾਰਤ ਨੂੰ ਵਿਸ਼ਵ ਵਿੱਚ ਮੋਹਰੀ ਦੇਸ਼ ਬਣਾ ਸਕਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਸ਼ਹੀਦ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ, ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਅਨਿਆਂ ਵਿਰੁੱਧ ਲੜਾਈ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸ਼ਹੀਦ ਦਾ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਦਾ ਰਹੇਗਾ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰੀ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਅਮਿਤ ਤਲਵਾਰ, ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਅਤੇ ਹੋਰ ਵੀ ਹਾਜ਼ਰ ਸਨ।
