ਸਮਾਗਮ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ ਕਮੇਟੀ ਦਾ ਗਠਨ
ਇਸ ਗਲੋਬਲ ਈਵੈਂਟ ਨੂੰ ਵੱਡੀ ਕਾਮਯਾਬੀ ਬਣਾਉਣ ਲਈ ਰਾਜ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਾ ਹੈ
ਚੰਡੀਗੜ੍ਹ, 10 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮਾਰਚ 2023 ਵਿੱਚ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਸਬੰਧ ਵਿੱਚ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿੱਚ ਹੋਵੇਗਾ ਅਤੇ ਇਸ ਵਿੱਚ ਵਿਸ਼ਵ ਦੇ ਪ੍ਰਮੁੱਖ ਦੇਸ਼ ਭਾਗ ਲੈਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਖੁਸ਼ਕਿਸਮਤ ਹੈ ਕਿ ਇਸ ਮੈਗਾ ਈਵੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਵੱਲੋਂ ਸਿੱਖਿਆ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ਵ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਪਵਿੱਤਰ ਸ਼ਹਿਰ ਨੂੰ ਪੰਜ ਵੱਡੇ ਸੈਕਟਰਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਕਟਰਾਂ ਵਿੱਚ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਰਾਜ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਸੰਮੇਲਨ ਦੌਰਾਨ ਸਮੁੱਚੀ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿੰਮੇਵਾਰ ਹੋਣਗੇ।
ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ, ਲੋਕ ਨਿਰਮਾਣ ਵਿਭਾਗ ਦੇ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਇੱਕ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਸਮਾਗਮ ਦੇ ਰੋਜ਼ਾਨਾ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਜੋ ਇਸ ਨੂੰ ਨਿਰਵਿਘਨ ਨੇਪਰੇ ਚਾੜ੍ਹਿਆ ਜਾ ਸਕੇ। ਭਗਵੰਤ ਮਾਨ ਨੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਅਗਵਾਈ ਵਿੱਚ ਇੱਕ ਉੱਚ ਤਾਕਤੀ ਕਮੇਟੀ ਦਾ ਗਠਨ ਵੀ ਕੀਤਾ ਹੈ ਤਾਂ ਜੋ ਮੈਗਾ ਸਮਾਗਮ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਕਰਵਾਉਣ ਲਈ ਕੈਬਨਿਟ ਸਬ ਕਮੇਟੀ ਦੀ ਸਹੂਲਤ ਦਿੱਤੀ ਜਾ ਸਕੇ।