ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਰਟੀ ਵਿਧਾਇਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਸਮਾਜ ਦੇ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਕਿਹਾ ਹੈ। ਅੱਜ ਪਾਰਟੀ ਵਿਧਾਇਕਾਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਬਹੁਤ ਹੀ ਯੋਜਨਾਬੱਧ ਢੰਗ ਨਾਲ ਉਲੀਕਿਆ ਗਿਆ ਹੈ ਅਤੇ ਹੁਣ ਇਸ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਲਾਗੂ ਕੀਤਾ ਜਾਵੇ ਤਾਂ ਜੋ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਧਾਇਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਉਨ੍ਹਾਂ ਦੇ ਹਲਕਿਆਂ ਵਿੱਚ ਦਰਪੇਸ਼ ਸਮੱਸਿਆਵਾਂ ਬਾਰੇ ਵੀ ਫੀਡਬੈਕ ਮੰਗੀ। ਉਨ੍ਹਾਂ ਵਿਧਾਇਕਾਂ ਨੂੰ ਦੱਸਿਆ ਕਿ 15 ਅਗਸਤ ਨੂੰ ਆਗਾਮੀ ਆਜ਼ਾਦੀ ਦਿਹਾੜੇ ‘ਤੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਮਿਆਰੀ ਇਲਾਜ ਮਿਲੇਗਾ ਅਤੇ ਸੂਬੇ ਦੀ ਸਿਹਤ ਸੰਭਾਲ ਵਿੱਚ ਨਵੇਂ ਦਿਸਹੱਦੇ ਸਥਾਪਿਤ ਹੋਣਗੇ। ਭਗਵੰਤ ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਹਲਕਿਆਂ ਦੇ ਅਹਿਮ ਕੰਮਾਂ ਬਾਰੇ ਪਹਿਲ ਦੇ ਨਾਲ ਪਤਾ ਕਰਨ ਤਾਂ ਜੋ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਨਵੀਆਂ ਸਕੀਮਾਂ ਬਾਰੇ ਵੀ ਵਿਧਾਇਕਾਂ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਕਾਰਜਪਾਲਿਕਾ ਅਤੇ ਵਿਧਾਨ ਪਾਲਿਕਾ ਦੋਵੇਂ ਲੋਕਤੰਤਰ ਦੇ ਮਹੱਤਵਪੂਰਨ ਥੰਮ੍ਹ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਦੋਵਾਂ ਵਿਚਕਾਰ ਪੂਰਨ ਤਾਲਮੇਲ ਦੀ ਲੋੜ ਹੈ। ਭਗਵੰਤ ਮਾਨ ਨੇ ਵਿਧਾਇਕਾਂ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਉਲੀਕੇ ਗਏ ਭਵਿੱਖਮੁਖੀ ਢਾਂਚੇ ਬਾਰੇ ਵੀ ਚਰਚਾ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।