ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਸਿਵਲ ਸਕੱਤਰੇਤ ਕ੍ਰਿਕਟ ਕਲੱਬ, ਚੰਡੀਗੜ੍ਹ ਦੀ ਅਧਿਕਾਰਤ ਜਰਸੀ ਲਾਂਚ ਕੀਤੀ। ਹਾਲ ਹੀ ਦੇ ਟੂਰਨਾਮੈਂਟਾਂ ਦੌਰਾਨ ਕਲੱਬ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਰਪ੍ਰਸਤੀ ਦਿੰਦੇ ਹੋਏ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਨੂੰ ਇਸਦੀ ਪੂਰਵ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਦਿਸ਼ਾ ਵਿੱਚ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪਿੰਡ ਪੱਧਰ ‘ਤੇ ਨਵੇਂ ਸਟੇਡੀਅਮ ਬਣਾਉਣ ਲਈ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਹੈ, ਜਿੱਥੇ ਨਵੀਂ ਪ੍ਰਤਿਭਾ ਪੈਦਾ ਹੁੰਦੀ ਹੈ, ਜਿਸ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਸੀ। 29 ਅਗਸਤ ਤੋਂ ਸ਼ੁਰੂ ਹੋ ਰਹੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ’ ਬਾਰੇ ਗੱਲ ਕਰਦਿਆਂ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖੇਡਾਂ ਖਿਡਾਰੀਆਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਸੇਧਤ ਕਰਕੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇਣਗੀਆਂ। ਕਲੱਬ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਲੱਬ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਜ਼ਿਕਰਯੋਗ ਹੈ ਕਿ ਕਲੱਬ ਦੀ ਅਧਿਕਾਰਤ ਜਰਸੀ ਆਰੀਅਨ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਵੱਲੋਂ ਸਪਾਂਸਰ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਪ੍ਰਧਾਨ ਸਤੀਸ਼ ਚੰਦਰ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਆਰੀਅਨ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
