-ਪੰਜਾਬ ਦੇ ਡੀਸੀਜ਼ ਨਾਲ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ
ਚੰਡੀਗੜ੍ਹ, 26 ਅਗਸਤ
ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਧਾਰਿਤ ਸਮੇਂ ਅੰਦਰ ਐਕਸਪ੍ਰੈੱਸ ਵੇਅ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਐਕਵਾਇਰ ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਵਜੋਂ 15,000 ਕਰੋੜ ਰੁਪਏ ਮਿਲਣਗੇ ਅਤੇ 40,000 ਕਰੋੜ ਰੁਪਏ ਦੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।
ਐਨ.ਐਚ.ਏ.ਆਈ ਦੇ ਚੇਅਰਮੈਨ ਅਤੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦਿਆਂ ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਰਾਜ ਵਿੱਚ ਕੌਮੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੁਖਤਾ ਤੌਰ ‘ਤੇ ਕਿਹਾ ਕਿ ਰੀਮਿੰਗ ਦਾ ਕੰਮ ਤੁਰੰਤ ਮੁਕੰਮਲ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਨਵੇਂ ਐਕਸਪ੍ਰੈਸ ਵੇਅ ਦੇ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਮੁੱਖ ਸਕੱਤਰ ਨੇ ਦੱਸਿਆ ਕਿ ਰਾਜ ਵਿੱਚ 1173 ਕਿਲੋਮੀਟਰ ਦੀ ਲੰਬਾਈ ਵਾਲੇ 15 ਗ੍ਰੀਨਫੀਲਡ ਐਕਸਪ੍ਰੈਸਵੇਅ ਅਤੇ 436 ਕਿਲੋਮੀਟਰ ਦੀ ਲੰਬਾਈ ਵਾਲੇ 9 ਬ੍ਰਾਊਨਫੀਲਡ ਐਕਸਪ੍ਰੈਸਵੇਅ ਬਣਾਏ ਜਾ ਰਹੇ ਹਨ। ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੋਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੋਹਾਲੀ ਬਾਈਪਾਸ ਅਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ।
ਮੀਟਿੰਗ ਵਿੱਚ ਮੁੱਖ ਸਕੱਤਰ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਐਨਐਚਏਆਈ ਨੂੰ ਮੌਕੇ ’ਤੇ ਹੀ ਸਮੱਸਿਆਵਾਂ ਹੱਲ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਲੈਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਉਨ੍ਹਾਂ ਹਦਾਇਤ ਕੀਤੀ ਕਿ ਬਕਾਇਆ ਪਏ ਕੰਮ ਨੂੰ ਅਗਲੀ ਸਮੀਖਿਆ ਮੀਟਿੰਗ ਦੌਰਾਨ ਪੂਰਾ ਕੀਤਾ ਜਾਵੇ।
ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਐਨ.ਐਚ.ਏ.ਆਈ. ਚੇਅਰਮੈਨ ਅਲਕਾ ਉਪਾਧਿਆਏ ਨੇ ਅਥਾਰਟੀ ਨਾਲ ਸਬੰਧਤ ਮਾਮਲਿਆਂ ਬਾਰੇ ਚਰਚਾ ਕੀਤੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਜੰਗਲਾਤ ਅਤੇ ਜੰਗਲੀ ਜੀਵ ਰਾਜੀ ਪੀ ਸ੍ਰੀਵਾਸਤਵ, ਪ੍ਰਮੁੱਖ ਸਕੱਤਰ ਗ੍ਰਹਿ ਅਤੇ ਲੋਕ ਨਿਰਮਾਣ ਵਿਭਾਗ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਸਕੱਤਰ ਲੋਕ ਨਿਰਮਾਣ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੀ ਹਾਜ਼ਰ ਸਨ।
——–