ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ ਨੇ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ ‘ਮੇਰਾ ਘਰ ਮੇਰਾ ਨਾਮ’ ਸਕੀਮ ਤਹਿਤ ਚੱਲ ਰਹੇ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਸਕੀਮ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ 4200 ਤੋਂ ਵੱਧ ਪਿੰਡਾਂ ਵਿੱਚ ਡਰੋਨ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਪਿੰਡਾਂ ਵਿੱਚ ਇਹ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਮੁੱਖ ਸਕੱਤਰ ਨੇ ਇਸ ਸਕੀਮ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲਾਲ ਲਕੀਰ ਦੀ ਹੱਦਬੰਦੀ ਲਈ ਸਾਰੇ ਜ਼ਿਲ੍ਹਿਆਂ ਵਿੱਚ ਡੀ.ਜੀ.ਪੀ.ਐਸ. ਯੰਤਰ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਜੋ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਿਆਂ ਨੂੰ ਡੀ.ਜੀ.ਪੀ.ਐਸ. ਲਈ ਫੰਡ ਜਾਰੀ ਕਰਨ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਮਿਸ਼ਨ ਮੋਡ ‘ਤੇ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਰਵੇ ਅਫਸਰਾਂ ਨੂੰ ਮਾਣ ਭੱਤੇ ਦੀ ਅਦਾਇਗੀ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਲੈਂਡ ਰਿਕਾਰਡ ਸੋਸਾਇਟੀ (ਪੀ.ਐਲ.ਆਰ.ਐਸ.) ਦੇ ਫੰਡਾਂ ਵਿੱਚੋਂ ਪ੍ਰਤੀ ਪਿੰਡ ਸਰਵੇ ਅਫਸਰਾਂ ਨੂੰ ਮਾਣ ਭੱਤਾ ਦਿੱਤਾ ਜਾਣਾ ਚਾਹੀਦਾ ਹੈ। ਉਹ ਇੱਕ ਪੀ.ਐੱਲ.ਆਰ.ਐੱਸ. ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੀਮ ਨੂੰ ਲਾਗੂ ਕਰਨ ਦੌਰਾਨ ਤਿਆਰ ਕੀਤੇ ਰਿਕਾਰਡਾਂ ਦੀ ਸਾਫਟ ਕਾਪੀ ਬਣਾਈ ਰੱਖਣ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਕੀਮ ਦੌਰਾਨ ਤਿਆਰ ਕੀਤੇ ਰਿਕਾਰਡ ਦੀ ਹਾਰਡ ਕਾਪੀ ਸਬੰਧਤ ਪਟਵਾਰੀ ਕੋਲ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਗੁਰਪ੍ਰੀਤ ਸਿੰਘ ਖਹਿਰਾ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।