ਚੰਡੀਗੜ੍ਹ, 21 ਅਪ੍ਰੈਲ 2023: ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਗੁਆਚੀ ਹੋਈ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 147 ਖਿਡਾਰੀਆਂ ਦੀ ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਮੌਕੇ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੌਮੀ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਖੇਡਾਂ ਦੇ ਸੋਨ ਤਮਗਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦਾ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਤਮਗਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਇੱਕ ਢਾਂਚਾ ਤਿਆਰ ਕੀਤਾ ਹੈ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਾਰੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਸਾਡੀ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧ ਵਿੱਚ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਉਨ੍ਹਾਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮੰਤਵ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣਾ ਹੈ ਜੋ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।