ਵਿਜੀਲੈਂਸ ਬਿਊਰੋ ਨੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਨਿੱਜੀ ਪਾਸਪੋਰਟ ਏਜੰਟ ਨੂੰ ਰੰਗੇ ਹੱਥੀਂ ਕਾਬੂ ਕੀਤਾ


ਚੰਡੀਗੜ੍ਹ, 25 ਸਤੰਬਰ 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜਲੰਧਰ ਵਿਖੇ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਨਾਲ ਕਥਿਤ ਸੰਪਰਕਾਂ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਨ ਵਿੱਚ ਸਹਾਇਤਾ ਕਰਨ ਲਈ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਦੋਲਾ ਕੁਰੜ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ ਉਸ ਦੀ ਪੁਲਿਸ ਵੈਰੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਜਲੰਧਰ ਦੇ ਪਾਸਪੋਰਟ ਦਫ਼ਤਰ ਗਈ ਤਾਂ ਸਬੰਧਤ ਡੀਲਿੰਗ ਹੈਂਡ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸ ਦੀ ਪੁਲਿਸ ਵੈਰੀਫਿਕੇਸ਼ਨ ਨੂੰ ਮਨਜ਼ੂਰੀ ਨਹੀਂ ਮਿਲੀ ਹੈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟ ਐਨਪੀ ਸਿੰਘ ਅਤੇ ਹਰਦੀਪ ਕੌਰ ਪਾਸਪੋਰਟ ਦਫ਼ਤਰ ਦੇ ਨੇੜੇ ਸਥਿਤ ਬੂਥ ਦੇ ਬਾਹਰ ਉਸ ਕੋਲ ਪਹੁੰਚੇ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਤਸਦੀਕ ਕੀਤੇ ਬਿਨਾਂ ਉਸ ਦਾ ਪਾਸਪੋਰਟ ਜਲਦੀ ਜਾਰੀ ਕਰਨ ਲਈ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਬਾਰੇ ਗੱਲਬਾਤ ਰਿਕਾਰਡ ਕੀਤੀ।

ਨਾਜਾਇਜ਼ ਅਦਾ ਕਰਨ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਹਰਦੀਪ ਕੌਰ ਦੇ ਨਿੱਜੀ ਪਾਸਪੋਰਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਮੁਲਜ਼ਮ ਨਰਿੰਦਰਪਾਲ ਸਿੰਘ @ ਐਨ.ਪੀ. ਨੂੰ ਅਜੇ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ‘ਤੇ ਵਿਚਾਰ ਕੀਤਾ ਜਾਵੇਗਾ

ਇਸ ਸਬੰਧੀ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *