ਚੰਡੀਗੜ੍ਹ, 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫ਼ਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਜੰਗਲਾਤ ਅਫਸਰ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਇਸ ਸਬੰਧੀ ਦੋ ਕਿਸ਼ਤਾਂ ਵਿੱਚ 7,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
