ਚੰਡੀਗੜ੍ਹ, 20 ਮਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਉਪਰਾਲੇ ਤਹਿਤ ਸਿੱਖਿਆ ਵਿਭਾਗ ਵੱਲੋਂ ਸ਼ਨੀਵਾਰ ਨੂੰ 12851 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮਦਰ ਵਰਕਸ਼ਾਪ’ ਲਗਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਪ੍ਰੋਗਰਾਮ ‘ਮਦਰ ਵਰਕਸ਼ਾਪ’ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਲਈ ਆਯੋਜਿਤ ਕੀਤਾ ਗਿਆ ਸੀ। ਇਸ ਤਹਿਤ ਮਾਵਾਂ ਨੂੰ ਸਕੂਲ ਦੇ ਵਿਦਿਆਰਥੀਆਂ ਨੂੰ ਅਧਿਆਪਕ ਵੱਲੋਂ ਦਿੱਤੀ ਜਾਂਦੀ ਸਿੱਖਿਆ, ਸਿੱਖਣ ਦੀ ਸਮੱਗਰੀ ਅਤੇ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ‘ਮਦਰ ਵਰਕਸ਼ਾਪ’ ਵਿੱਚ 5 ਲੱਖ ਦੇ ਕਰੀਬ ਮਾਵਾਂ ਨੇ ਭਾਗ ਲਿਆ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਮੂਲੀਅਤ ਵਧਾਉਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ।