ਅੰਮ੍ਰਿਤਸਰ: ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਐਂਬੂਲੈਂਸ ਭੇਟ ਕੀਤੀ ਗਈ ਹੈ। ਐਸ.ਬੀ.ਆਈ ਦੇ ਚੇਅਰਮੈਨ ਸ੍ਰੀ ਦਾਨੇਸ਼ ਖਾਰਾ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ: ਪ੍ਰਤਾਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ ਨੂੰ ਸੌਂਪਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਬੈਂਕ ਅਧਿਕਾਰੀਆਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਟੇਟ ਬੈਂਕ ਆਫ਼ ਇੰਡੀਆ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਪਾਲਕੀ ਬੱਸ ਅਤੇ ਐਂਬੂਲੈਂਸ ਭੇਟ ਕਰ ਚੁੱਕਾ ਹੈ। ਬੈਂਕ ਵੱਲੋਂ ਸਮੇਂ-ਸਮੇਂ ‘ਤੇ ਅਜਿਹੀਆਂ ਪੇਸ਼ਕਸ਼ਾਂ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ। ਅੱਜ ਐਂਬੂਲੈਂਸ ਭੇਂਟ ਕਰਨ ਮੌਕੇ ਐਸ.ਬੀ.ਆਈ ਦੇ ਚੇਅਰਮੈਨ ਸ੍ਰੀ ਦਾਨੇਸ਼ ਖਾਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਨਵਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਅਤੇ ਬੈਂਕ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹੈ ਕਿ ਇਸ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਸੋਮਾ ਹੈ, ਜਿੱਥੇ ਸ਼ਰਧਾ ਮਾਨਸਿਕ ਪ੍ਰੇਰਨਾ ਅਤੇ ਬਲ ਪ੍ਰਦਾਨ ਕਰਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਕੱਤਰ ਸ: ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਤਰਫੋਂ ਪਹੁੰਚੇ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਅੰਮ੍ਰਿਤਪਾਲ ਸਿੰਘ, ਸ੍ਰੀ ਰਣਧੀਰ ਸਿੰਘ, ਐਸ.ਬੀ.ਆਈ ਦੇ ਐਮ.ਡੀ ਸ੍ਰੀ ਅਸ਼ਨਵੀ ਕੁਮਾਰ ਤਿਵਾੜੀ, ਡੀ.ਐਮ.ਡੀ ਸ੍ਰੀ ਸੁਭਾਰਤ ਬਿਸਵਾਸ, ਚੀਫ਼ ਜਨਰਲ ਮੈਨੇਜਰ ਸ੍ਰੀ ਵਿਨੋਦ ਜਸਵਾਲ, ਸ੍ਰੀ ਗਿਰਿਦਰਾ ਕੀਨੀ, ਜੀ.ਐਮ ਸ੍ਰੀ ਸੁਮਿਤ ਫਾਕਾ ਅਤੇ ਡੀ.ਜੀ.ਐਮ ਸ੍ਰੀ ਅਜੀਤਾਬ ਪ੍ਰਸ਼ਾਤ, ਖੇਤਰੀ ਮੈਨੇਜਰ ਸ. ਰਜਨੀਸ਼ ਕੁਮਾਰ, ਮੈਨੇਜਰ ਸ: ਨਰਿੰਦਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
