ਕੁਲਤਾਰ ਸਿੰਘ ਸੰਧਵਾਂ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਮੋਹਾਲੀ ਵਿਖੇ ਦਿਹਾਂਤ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਅਤੇ ਪੰਜਾਬ ਦੀ ਸਿਆਸਤ ਵਿੱਚ ਲੰਮੇ ਸਮੇਂ ਤੱਕ ਅਹਿਮ ਭੂਮਿਕਾ ਨਿਭਾਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਖੇਤਰੀ ਪਾਰਟੀ ਵਜੋਂ ਅਹਿਮ ਸਥਾਨ ਦਿਵਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਕਈ ਉਤਰਾਅ-ਚੜ੍ਹਾਅ ਦਰਮਿਆਨ ਉਨ੍ਹਾਂ ਦੀ ਅਗਵਾਈ ਵਾਲੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਬਾਦਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ 95 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ।ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਉਨ੍ਹਾਂ ਨੂੰ ਆਈਸੀਯੂ ‘ਚ ਰੱਖਿਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਸਾਹ ਲੈਣ ਵਿੱਚ ਤਕਲੀਫ ਤੋਂ ਪੀੜਤ ਸਨ। ਬਾਦਲ ਦੇ ਪਿੱਛੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਧੀ ਪ੍ਰਨੀਤ ਕੌਰ ਹਨ, ਜਿਨ੍ਹਾਂ ਦਾ ਵਿਆਹ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਹੋਇਆ ਹੈ। ਜ਼ਿਕਰਯੋਗ ਹੈ ਕਿ ਬਾਦਲ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਹੈ। ਉਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਲਿਜਾਇਆ ਜਾਵੇਗਾ। ਵੀਰਵਾਰ ਨੂੰ ਪਿੰਡ ਬਾਦਲ ਵਿਖੇ ਸਸਕਾਰ ਕੀਤਾ ਜਾਵੇਗਾ। ਦਾ ਅੰਤ