*- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ*
*—
ਚੰਡੀਗੜ੍ਹ/ਫਗਵਾੜਾ, 22 ਨਵੰਬਰ:
ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ ਵਿੱਚ ਸਾਰੀਆਂ ਹਾਈਟੈਕ ਸਹੂਲਤਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।
ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ‘ਤੇ ਰਾਤ ਵੇਲੇ ਪੁਲਿਸ ਚੌਕੀਆਂ ਨੂੰ ਵਧਾਉਣ ਅਤੇ ਹਰੇਕ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਿੰਕ੍ਰੋਨਾਈਜ਼ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਇੱਕ ਕਾਲ ‘ਤੇ ਤੁਰੰਤ ਸਰਗਰਮ ਹੋ ਜਾਣ।
ਏਡੀਜੀਪੀ ਅਰਪਿਤ ਸ਼ੁਕਲਾ ਫਗਵਾੜਾ ਵਿੱਚ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਆਈਜੀਪੀ ਜਲੰਧਰ ਰੇਂਜ ਗੁਰਸ਼ਰਨ ਸੰਧੂ ਅਤੇ ਐਸਐਸਪੀ ਕਪੂਰਥਲਾ ਨਵਨੀਤ ਬੈਂਸ ਵੀ ਹਾਜ਼ਰ ਸਨ।
ਉਨ੍ਹਾਂ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਦੁਆਲੇ ਚੌਕਸੀ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਮੀਟਿੰਗ ਦੌਰਾਨ ਅਮਨ-ਕਾਨੂੰਨ ਨਾਲ ਸਬੰਧਤ ਅਹਿਮ ਮਾਮਲਿਆਂ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ।
ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦਿਨ ਰਾਤ ਇੱਕ ਕਰ ਰਹੀ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਕਾਫ਼ੀ ਪ੍ਰਗਤੀ ਹੋ ਰਹੀ ਹੈ।