ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100ਵੀਂ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਏਕਤਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਇਸ ਦੀਆਂ ਸੰਸਥਾਵਾਂ ਦੀ ਸਥਾਪਨਾ ਗੁਰੂ ਸਾਹਿਬਾਨ ਨੇ ਖੁਦ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ, ਸੰਗਤ, ਪੰਗਤ ਅਤੇ ਸਿੱਖਾਂ ਨੂੰ ਕੇਂਦਰੀ ਧੁਰੇ ਨਾਲ ਜੋੜਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖ ਇਤਿਹਾਸ ਦੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖਾਲਸਾ ਪੰਥ ਵੱਲੋਂ ਕੁਝ ਸੰਸਥਾਵਾਂ ਬਣਾਈਆਂ ਗਈਆਂ, ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਅਹਿਮ ਹੈ, ਜਿਸ ਦੀ ਸਥਾਪਨਾ ਲਈ 500 ਤੋਂ ਵੱਧ ਸਿੱਖ ਸ਼ਹੀਦ ਹੋਏ। ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੀ ਸ਼ਹਾਦਤ ਵੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਮਜ਼ਬੂਤੀ ਲਈ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਜਥੇਬੰਦੀਆਂ ਵੱਲੋਂ ਸਰਕਾਰ ਦੀ ਸ਼ਹਿ ’ਤੇ ਹੀ ਵੰਗਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਗਲਾਂ ਜਾਂ ਅੰਗਰੇਜ਼ਾਂ ਦੀਆਂ ਸਰਕਾਰਾਂ ਹੋਣ ਜਾਂ ਮੌਜੂਦਾ ਸਰਕਾਰਾਂ, ਉਹ ਕਦੇ ਵੀ ਪੰਥ ਹਿਤੈਸ਼ੀ ਨਹੀਂ ਰਹੀਆਂ। ਇਸ ਲਈ ਸਿੱਖ ਕੌਮ ਨੂੰ ਖੁਦ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ਼੍ਰੋਮਣੀ ਕਮੇਟੀ ਅਤੇ ਹੋਰ ਸੰਸਥਾਵਾਂ ਨੂੰ ਆਜ਼ਾਦਾਨਾ ਬਣਾਉਣ ਦੀ ਗੱਲ ਕਰ ਰਹੇ ਹਨ, ਕੀ ਉਹ ਦੱਸ ਸਕਦੇ ਹਨ ਕਿ ਸਰਕਾਰੀ ਦਖਲ ਨਾਲ ਕੀਤਾ ਗਿਆ ਪ੍ਰਬੰਧ ਉਨ੍ਹਾਂ ਕੋਲ ਹੀ ਰਹੇਗਾ। ਸਮਾਗਮ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕੀਤੇ ਗਏ ਅਤੇ ਸ਼ਹੀਦੀ ਪੁਰਬ ਦੇ ਸਮੂਹ ਸ਼ਹੀਦਾਂ ਲਈ ਅਰਦਾਸ ਕੀਤੀ ਗਈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਅੱਜ ਪੰਥ ਨੂੰ ਆਪਣੀਆਂ ਸੰਸਥਾਵਾਂ ਪ੍ਰਤੀ ਗੰਭੀਰ ਪਹੁੰਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਸਥਾਨ ਹੈ ਜਿਸ ਦੀ ਮਜ਼ਬੂਤੀ ਲਈ ਹਰ ਸਿੱਖ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਅਤੇ ਮੋਰਚੇ ਸਿੱਖੀ ਪ੍ਰਤੀ ਦ੍ਰਿੜ੍ਹ ਇਰਾਦੇ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਵਿੱਚੋਂ ਸ੍ਰੀ ਪੰਜਾ ਸਾਹਿਬ ਦਾ ਸਾਕਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।