Site icon Geo Punjab

ਸ਼ਹੀਦੀ ਦਿਹਾੜਿਆਂ ਮੌਕੇ ਮਾਤਮੀ ਬਿਗੁਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਦਾ ਇਤਰਾਜ਼


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ੋਕਮਈ ਬਿਗਲ ਵਜਾਉਣ ਦੇ ਫੈਸਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 10ਵੇਂ ਗੁਰੂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 27 ਦਸੰਬਰ ਨੂੰ ਸ਼ੋਕ ਦੇ ਬਿਗਲ ਵਜਾਉਣ ਦਾ ਐਲਾਨ ਮਰਿਆਦਾ ਦੇ ਉਲਟ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦੀ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version