ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਹੋਣ ਲਈ ਆਰ.ਐਸ.ਐਸ ਅਤੇ ਭਾਰਤੀ ਜਨਤਾ ਪਾਰਟੀ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੀ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਹੋਣ ਦੀ ਨੀਤੀ ਤਹਿਤ ਮੈਂਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਭੁਗਤਣ ਲਈ ਕਹਿ ਰਹੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਖਰੀਦਣ ਦੇ ਵੱਡੇ ਲਾਲਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਉਨ੍ਹਾਂ ਨੂੰ ਇਸ ਬਾਰੇ ਦੱਸ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਵਿਚ ਦਖ਼ਲ ਦਿੰਦੀ ਰਹੀ ਹੈ ਅਤੇ ਹੁਣ ਭਾਜਪਾ ਵੀ ਉਸੇ ਰਾਹ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਰ.ਐਸ.ਐਸ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੂੰ ਆਪਣੀ ਮਰਜ਼ੀ ਅਨੁਸਾਰ ਕਾਬੂ ਕਰਨ ਤੋਂ ਬਾਅਦ ਹਰਿਆਣਾ ਕਮੇਟੀ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਇਸ ਤੋਂ ਵੀ ਅੱਗੇ ਜਾ ਕੇ ਅੰਦਰਖਾਤੇ ਮੈਂਬਰਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਉਨ੍ਹਾਂ ਕਿਹਾ ਕਿ ਭਾਜਪਾ ਆਗੂ ਸ. ਇਕਬਾਲ ਸਿੰਘ ਲਾਲਪੁਰਾ, ਜੋ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਨ, ਆਪਣੇ ਸੰਵਿਧਾਨਕ ਅਹੁਦੇ ਦੀ ਮਰਿਆਦਾ ਨੂੰ ਭੁੱਲ ਕੇ ਸਿੱਖ ਜਥੇਬੰਦੀ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਦੇਸ਼ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿੰਮੇਵਾਰ ਹੈ ਪਰ ਇਸ ਦਾ ਚੇਅਰਮੈਨ ਆਪਣੀ ਪਾਰਟੀ ਦੀ ਨੀਤੀ ਅਨੁਸਾਰ ਘੱਟ ਗਿਣਤੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਸੰਗਤ ਵੱਲੋਂ ਚੁਣੇ ਗਏ ਮੈਂਬਰਾਂ ਦਾ ਮੁੱਦਾ ਹੈ, ਜਿਸ ਵਿੱਚ ਕਿਸੇ ਵੀ ਬਾਹਰੀ ਦਖਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਲਪੁਰਾ ਨੂੰ ਆਪਣੇ ਦਾਇਰੇ ਵਿੱਚ ਰਹਿਣ ਅਤੇ ਭਾਜਪਾ ਨੂੰ ਸਿੱਖ ਸੰਸਥਾ ਦੀਆਂ ਚੋਣਾਂ ਵਿੱਚ ਦਖਲ ਨਾ ਦੇਣ ਦੀ ਸਲਾਹ ਦਿੱਤੀ। ਇਸ ਦੌਰਾਨ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਸੁਖਬੀਰ ਸਿੰਘ ਬਾਦਲ ਸਮੇਤ ਸਮੂਹ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਬਹੁਤ ਹੀ ਸਤਿਕਾਰਯੋਗ ਹਨ ਅਤੇ ਉਹ ਪਹਿਲਾਂ ਵਾਂਗ ਹੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਰਲ ਮਿਲ ਕੇ ਕੰਮ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਮੌਕੇ ਪਾਕਿਸਤਾਨ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ: ਬਲਵਿੰਦਰ ਸਿੰਘ ਵੇਈਂਪੂਈ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ੍ਰ: ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਾਈ ਰਾਮ ਸਿੰਘ, ਸਕੱਤਰ ਸ: ਪ੍ਰਤਾਪ ਸਿੰਘ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ.ਸਤਨਾਮ ਸਿੰਘ ਮੰਗਸਰਾਏ, ਸ. ਸੁਖਰਾਜ ਸਿੰਘ, ਇੰਚਾਰਜ ਸ਼ਹਿਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
