ਅੰਮ੍ਰਿਤਸਰ, 5 ਮਈ, 2023 – ਪੰਜਾਬ ਦੀ ਪੁਲਿਸ ਵੱਲੋਂ ਪਿਛਲੇ ਦਿਨਾਂ ਦੌਰਾਨ ਹਰੀਕੇ ਪੁਲ ‘ਤੇ ਧਰਨੇ ‘ਤੇ ਬੈਠੇ ਨੌਜਵਾਨਾਂ ‘ਤੇ ਦਰਜ ਕੀਤੇ ਗਏ ਕੇਸਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ 15 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਗਿਆ। ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਰਿਹਾਅ ਹੋਏ ਨੌਜਵਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਨ ਲਈ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਕਿਸੇ ਨਾਲ ਵੀ ਬੇਇਨਸਾਫ਼ੀ ਹੋਣ ‘ਤੇ ਮਦਦ ਕਰਨ ਲਈ ਵਚਨਬੱਧ ਹੈ ਅਤੇ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰੇ ਅਤੇ ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਨੌਜਵਾਨਾਂ ਖ਼ਿਲਾਫ਼ ਦਰਜ ਹੋਏ ਪਰਚੇ ਰੱਦ ਕੀਤੇ ਜਾਣ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿੱਚ ਇੱਕ ਕਾਨੂੰਨੀ ਪੈਨਲ ਦਾ ਗਠਨ ਕੀਤਾ ਗਿਆ ਸੀ, ਜਦਕਿ ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਦੋਵਾਂ ਵੱਲੋਂ ਸਾਂਝੇ ਤੌਰ ‘ਤੇ ਨੌਜਵਾਨਾਂ ਦੇ ਕੇਸ ਚਲਾਏ ਗਏ ਹਨ, ਜਿਸ ਦੇ ਸਿੱਟੇ ਵਜੋਂ ਹਰੀਕੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ 15 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਮੌਕੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਰ ਨੌਜਵਾਨ ਖਿਲਾਫ ਬੀਤੇ ਦਿਨੀ ਦਰਜ ਕੇਸਾਂ ‘ਤੇ ਗੰਭੀਰਤਾ ਨਾਲ ਮੁੜ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਸਮਾਂ ਇਹ ਮੰਗ ਕਰਦਾ ਹੈ। ਇਸ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਹਰੀਕੇ ਪੁਲ ਮਾਮਲੇ ਵਿੱਚ ਪੁਲੀਸ ਨੇ 2 ਵੱਖ-ਵੱਖ ਪਰਚੇ ਦਰਜ ਕੀਤੇ ਸਨ, ਜਿਨ੍ਹਾਂ ਵਿੱਚ 15 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦਰਜ ਕੀਤੇ ਪਰਚੇ ਵਿੱਚ ਆਈਪੀਸੀ 307, 353, 186, 332, 341, 283, 431, 188, 148, 149, 120ਬੀ, 427, 201 ਅਤੇ ਨੈਸ਼ਨਲ ਹਾਈਵੇ ਐਕਟ ਦੀਆਂ 8ਬੀ ਧਾਰਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਿਹਾਅ ਹੋਏ 15 ਨੌਜਵਾਨਾਂ ਵਿੱਚੋਂ 9 ਦੇ ਕੇਸ ਖਾਰਜ ਹੋ ਚੁੱਕੇ ਹਨ, ਜਦਕਿ 6 ਦੀ ਜ਼ਮਾਨਤ ਹੋ ਚੁੱਕੀ ਹੈ। ਇਸ ਮੌਕੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਸ: ਪ੍ਰਤਾਪ ਸਿੰਘ, ਸ: ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸਤਨਾਮ ਸਿੰਘ ਵਾਲੇ, ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
