ਸ਼੍ਰੋਮਣੀ ਕਮੇਟੀ ਦੇ ਸਾਰੇ ਮੁਲਾਜ਼ਮ ਇੱਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦੇਣਗੇ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਨਿੱਜੀ ਤੌਰ ’ਤੇ ਹਿੱਸਾ ਲੈਂਦੇ ਹੋਏ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਖਾਤਾ ਜਨਤਕ ਕਰਕੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਉਪਰਾਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਸੰਗਤ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਲਏ ਫੈਸਲੇ ਨੂੰ ਮਾਨਵਤਾਵਾਦੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਖੜ੍ਹਨਾ ਗੁਰੂ ਵੱਲੋਂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਹੜ੍ਹ ਪੀੜਤਾਂ ਦੀ ਮਦਦ ਕਰਨਾ ਹਰ ਇੱਕ ਦਾ ਫਰਜ਼ ਹੈ। ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮਰੀ ਹਾਲ ਵਿਖੇ ਸਮੂਹ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਅਤੇ ਸੰਸਥਾ ਵੱਲੋਂ ਚਲਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਪੀੜਤਾਂ ਦੀ ਮਦਦ ਲਈ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਨਾਲੋਂ ਵੱਧ ਕੰਮ ਕਰ ਰਹੀ ਹੈ ਅਤੇ ਇਸ ਦੇ ਕਰਮਚਾਰੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਪ੍ਰਗਟਾਵਾ ਕੀਤਾ ਕਿ ਸਾਰੇ ਮੁਲਾਜ਼ਮਾਂ ਦੀ ਸਹਿਮਤੀ ਨਾਲ ਮੁਲਾਜ਼ਮ ਇੱਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦੇਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਸ: ਪ੍ਰਤਾਪ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸਿਮਰਜੀਤ ਸਿੰਘ ਉਪ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ: ਸੁਖਦੇਵ ਸਿੰਘ, ਸ: ਸ਼ਾਹਬਾਜ਼ ਸਿੰਘ, ਸੁਪਰਡੈਂਟ ਸ: ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਸੇਵਾਮੁਕਤ ਮੁਲਾਜ਼ਮ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਪਰਵਿੰਦਰ ਸਿੰਘ ਡਾਂਡੀ, ਸ: ਇੰਦਰਪਾਲ ਸਿੰਘ, ਸ: ਸੁਰਿੰਦਰਪਾਲ ਸਿੰਘ, ਸ: ਗੋਪਾਲ ਸਿੰਘ, ਸ: ਮਹਿਤਾਬ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *