ਅੰਮ੍ਰਿਤਸਰ: ਸੰਨ 1921 ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਿਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਗੁਰਮਤਿ ਸਮਾਗਮ ਵਿੱਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ, ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਦੀ ਗਾਥਾ ਸੁਣਾਉਂਦਿਆਂ ਕਿਹਾ ਕਿ ਸਿੱਖ ਇਤਿਹਾਸ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤ ਅਤੇ ਸਿਧਾਂਤਾਂ ’ਤੇ ਚੱਲਦਿਆਂ ਸ਼ਹਾਦਤਾਂ ਦੇਣ ਵਾਲੇ ਯੋਧਿਆਂ ਨਾਲ ਭਰਿਆ ਪਿਆ ਹੈ, ਜਿਨ੍ਹਾਂ ਦੀ ਸ਼ਹਾਦਤ ਤੋਂ ਸਾਨੂੰ ਪ੍ਰੇਰਨਾ ਲੈਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਇਆ ਗਿਆ ਹੈ, ਜਿਸ ਦਾ ਸਿੱਖ ਕੌਮ ਸਿਰ ਬਹੁਤ ਵੱਡਾ ਕਰਜ਼ ਹੈ। ਇਸ ਕਾਲਜ ਨੇ ਬਹੁਤ ਸਾਰੇ ਵਿਦਵਾਨ ਅਤੇ ਪੰਥ ਪ੍ਰਸਿੱਧ ਰਾਗੀ ਭਾਈਚਾਰੇ ਦਿੱਤੇ ਹਨ, ਜਿਨ੍ਹਾਂ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ। ਸਮਾਗਮ ਦੌਰਾਨ ਜਿੱਥੇ ਪੰਥ ਪ੍ਰਸਿੱਧ ਕਥਾਵਾਚਕ ਡਾ: ਕੇਹਰ ਸਿੰਘ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਖਮੰਦਰ ਸਿੰਘ ਆਸਟ੍ਰੇਲੀਆ ਨੂੰ ਪ੍ਰੋ: ਅਵਤਾਰ ਸਿੰਘ ਜੀ ਨਾਜ਼ ਨਾਲ ਸਨਮਾਨਿਤ ਕੀਤਾ ਗਿਆ। ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਮਨਜੀਤ ਕੌਰ ਨੇ ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਕਥਾਵਾਚਕ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ, ਸਾਬਕਾ ਹੈੱਡ ਪ੍ਰਚਾਰਕ ਭਾਈ ਅਨੂਪ ਸਿੰਘ, ਗਿਆਨੀ ਗੁਰਿੰਦਰ ਸਿੰਘ ਕੋਮਲ, ਗਿਆਨੀ ਸੰਤੋਖ ਸਿੰਘ ਆਸਟਰੀਆ, ਇੰਚਾਰਜ ਸ. ਮੇਜਰ ਸਿੰਘ ਅਰਜਨ ਮੰਗਾ, ਸਾਬਕਾ ਪ੍ਰਿੰਸੀਪਲ ਡਾ: ਸੂਬਾ ਸਿੰਘ, ਪ੍ਰੋ: ਬਲਦੇਵ ਸਿੰਘ, ਪ੍ਰੋ: ਰਵੇਲ ਸਿੰਘ, ਐਡੀਸ਼ਨਲ ਮੈਨੇਜਰ ਬਿਕਰਮਜੀਤ ਸਿੰਘ ਝਾਂਗੀ, ਪ੍ਰੋ: ਕੁਲਰਾਜ ਸਿੰਘ, ਬੀਬੀ ਅਮਰਜੀਤ ਕੌਰ, ਡਾ: ਜਤਿੰਦਰ ਸਿੰਘ, ਗਿਆਨੀ ਪ੍ਰਮਿੰਦਰ ਸਿੰਘ, ਭਾਈ ਦਿਲਪ੍ਰੀਤ ਸਿੰਘ, ਸ. ਜਤਿੰਦਰਪਾਲ ਸਿੰਘ, ਸ.ਗੁਰਮੇਲ ਸਿੰਘ, ਸ.ਸੁਖਬੀਰ ਸਿੰਘ ਪੰਨਵਾਂ, ਸ. ਰਜਿੰਦਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।