
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ਼ੁੱਕਰਵਾਰ ਨੂੰ ਵਿਭਾਗ ਦੇ ਵੱਖ-ਵੱਖ ਕਾਡਰਾਂ ਦੇ ਅਧਿਆਪਕ ਅਤੇ ਕਰਮਚਾਰੀ ਯੂਨੀਅਨਾਂ ਦੇ ਵਫ਼ਦ ਨਾਲ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਕੀਤੀ।
ਇੱਥੇ ਪੰਜਾਬ ਭਵਨ ਵਿਖੇ ਮੈਰਾਥਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਹੈ।
ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਇਨ੍ਹਾਂ ਮੁੱਦਿਆਂ ‘ਤੇ ਇਕ-ਇਕ ਕਰਕੇ ਕਾਰਵਾਈ ਕਰਕੇ ਸੰਭਵ ਹੱਲ ਕੱਢਿਆ ਜਾਵੇਗਾ।
5 ਦਰਜਨ ਤੋਂ ਵੱਧ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਕੂਲਾਂ ਵਿੱਚ ਸੁਧਾਰ, ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਅਧਿਆਪਕਾਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ, ਸਕੂਲਾਂ ਵਿੱਚ ਪੜ੍ਹਾਉਣ ਲਈ ਸਮਾਂ ਨਿਰਧਾਰਨ, ਸੀਨੀਆਰਤਾ, ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਅਸਾਮੀਆਂ ‘ਤੇ ਭਰਤੀ, ਅਧਿਆਪਕ ਯੋਗਤਾ ਟੈਸਟ ਅਤੇ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। . .
