ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਅੱਤਵਾਦੀ ਮਾਡਿਊਲ ਜੋ ਅਮਰੀਕਾ ਅਧਾਰਿਤ ਲੋੜੀਂਦੇ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਵੱਲੋਂ ਚਲਾਇਆ ਜਾ ਰਿਹਾ ਸੀ, ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਹਨਾਂ ਕੋਲੋਂ ਦੋ ਵਿਦੇਸ਼ੀ 9 ਐਮਐਮ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਪਾਕਿਸਤਾਨ ਅਧਾਰਿਤ ਲੋੜੀਂਦੇ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ।
ਇਹ ਸਫ਼ਲਤਾ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ਮੌਕੇ ਅਤੇ ਪੰਜਾਬ ਪੁਲਿਸ ਵੱਲੋਂ ਚੈੱਕ ਗਣਰਾਜ (ਚੈੱਕੀਆ) ਦੇ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨ ਤਾਰਨ ਤੋਂ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਸਮੇਤ ਗੋਲਾ ਸਿੱਕਾ ਬਰਾਮਦ ਕਰਨ ਦੇ ਇਕ ਬਾਅਦ ਮਿਲੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਿੰਦਰ ਸਿੰਘ ਵਾਸੀ ਲੱਖੂਵਾਲ ਅੰਮ੍ਰਿਤਸਰ, ਗੁਰਪਿੰਦਰ ਸਿੰਘ ਉਰਫ਼ ਲਾਹੌਰੀਆ ਵਾਸੀ ਅਜਨਾਲਾ ਅੰਮ੍ਰਿਤਸਰ, ਲਵਪ੍ਰੀਤ ਸਿੰਘ ਵਾਸੀ ਅਜਨਾਲਾ ਅੰਮ੍ਰਿਤਸਰ, ਨਰਿੰਦਰ ਸਿੰਘ ਵਾਸੀ ਸੁੰਦਲ ਰਿਆਲੀ ਗੁਰਦਾਸਪੁਰ, ਅਤੇ ਸੁਖਮਨਪ੍ਰੀਤ ਸਿੰਘ ਉਰਫ ਜੀਵਨ ਵਾਸੀ ਅਜਨਾਲਾ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਨਵੇਂ ਬਣਾਏ ਗਰੋਹ ਰਾਹੀਂ ਸੂਬੇ ਦੇ ਪ੍ਰਮੁੱਖ ਸਿਆਸੀ ਅਤੇ ਸਮਾਜਿਕ-ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਉਣ ਸਬੰਧੀ ਸੂਹ ‘ਤੇ ਕਾਰਾਵਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ।
ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਦੇ ਮੋਡਿਊਲ ਦੇ ਹਥਿਆਰਬੰਦ ਸੰਚਾਲਕਾਂ ਵੱਲੋਂ ਅੰਮ੍ਰਿਤਸਰ ਵਿੱਚ ਮੀਟਿੰਗ ਕਰਨ ਦੀ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਐਸ.ਐਸ.ਓ.ਸੀ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਨੇ ਤੁਰੰਤ ਇਲਾਕੇ ਵਿੱਚ ਪਹੁੰਚ ਕੇ ਯੋਜਨਾਬੱਧ ਤਰੀਕੇ ਨਾਲ ਘੇਰਾਬੰਦੀ ਕਰਕੇ ਇਸ ਮੋਡਿਊਲ ਦੇ ਪੰਜ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਮੁੱਢਲੀ ਤਫ਼ਤੀਸ਼ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਹਾਲ ਹੀ ਵਿੱਚ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਹਰਵਿੰਦਰ ਰਿੰਦਾ ਦੀ ਮਦਦ ਨਾਲ ਭਾਰਤ-ਪਾਕਿ ਸਰਹੱਦ ਰਾਹੀਂ ਡਰੋਨ ਦੁਆਰਾ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਹਰਪ੍ਰੀਤ ਹੈਪੀ ਵੱਲੋਂ ਵੱਖ-ਵੱਖ ਚੈਨਲਾਂ ਰਾਹੀਂ ਭੇਜੀ ਗਈ ਵਿੱਤੀ ਸਹਾਇਤਾ ਵੀ ਮਿਲਦੀ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਨਿਰਧਾਰਤ ਕੀਤੇ ਗਏ ਪੰਜਾਬ ਦੇ ਟਾਰਗੇਟਾਂ ਦੀ ਰੇਕੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਉਨ੍ਹਾਂ ਚੈਨਲਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਜਿਨ੍ਹਾਂ ਰਾਹੀਂ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀ ਖੇਪ ਅਤੇ ਆਪਣੇ ਸਾਥੀਆਂ ਲਈ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਸੀ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 12.08.2023 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 13, 17, 18 ਅਤੇ 20, ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 115 ਅਤੇ 120-ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.