Site icon Geo Punjab

ਸੁਨਾਮ ਊਧਮ ਸਿੰਘ ਵਾਲਾ ਵਿਖੇ ਬਣੇਗੀ ਇੰਡਸਟਰੀਅਲ ਅਸਟੇਟ : ਵਿਕਾਸ ਮੰਤਰੀ ਅਮਨ ਅਰੋੜਾ


ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ। ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਐਸ.ਯੂ.ਐਸ ਕਾਲਜ ਸੁਨਾਮ ਵਿਖੇ ਸਨਅਤਕਾਰਾਂ ਤੇ ਕਾਰੋਬਾਰੀਆਂ ਨਾਲ ਗੱਲਬਾਤ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ।

ਜ਼ਮੀਨੀ ਪੱਧਰ ‘ਤੇ ਅਜਿਹੇ ਸਮਾਗਮਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਜਿਹੇ ਸਮਾਗਮ ਸਰਕਾਰ ਨੂੰ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਕਰਦੇ ਹਨ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਪਾਰ ਪੱਖੀ ਨੀਤੀਆਂ ਬਣਾਉਣ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਮਕਸਦ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਇੰਡਸਟਰੀਅਲ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।

ਸੀ.ਐਲ.ਯੂ ਅਤੇ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਉਦਯੋਗਪਤੀਆਂ ਦੀਆਂ ਸ਼ਿਕਾਇਤਾਂ ‘ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਜਲਦੀ ਹੀ ਨਵੀਂ ਪ੍ਰਣਾਲੀ ਲਾਗੂ ਕਰ ਦਿੱਤੀ ਜਾਵੇਗੀ। ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਦੀ ਸਮਾਂ ਸੀਮਾ ਘੱਟੋ-ਘੱਟ 31 ਦਸੰਬਰ ਤੱਕ ਵਧਾ ਦਿੱਤੀ ਜਾਵੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਸਨਅਤੀ ਅਸਟੇਟ ਨੂੰ ਵੀ ਇਸ ਨੀਤੀ ਤਹਿਤ ਵਿਕਸਤ ਕੀਤਾ ਜਾ ਸਕਦਾ ਹੈ। ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰੀ ਪੱਧਰ ’ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Exit mobile version