ਸੁਪਰੀਮ ਕੋਰਟ ਨੇ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ (ਬੀ.ਸੀ.ਏ.ਐੱਸ.) ਦੇ ਘਰੇਲੂ ਟਰਮੀਨਲਾਂ ਤੋਂ ਜਾਣ ਵਾਲੀਆਂ ਘਰੇਲੂ ਉਡਾਣਾਂ ‘ਤੇ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਰ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਇਜਾਜ਼ਤ ਦਿੱਤੀ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।
ਦੱਸਣਯੋਗ ਹੈ ਕਿ ਦਰਅਸਲ ਹਿੰਦੂ ਸੈਨਾ ਨੇ ਘਰੇਲੂ ਟਰਮੀਨਲਾਂ ਤੋਂ ਰਵਾਨਾ ਹੋਣ ਵਾਲੀਆਂ ਉਡਾਣਾਂ ‘ਚ ਹਵਾਈ ਅੱਡੇ ‘ਤੇ ਤਾਇਨਾਤ ਸਿੱਖ ਮੁਲਾਜ਼ਮਾਂ ਨੂੰ ਨਿਸ਼ਚਿਤ ਲੰਬਾਈ ਦੀ ਕਿਰਪਾਨ ਨਾਲ ਲੈ ਕੇ ਜਾਣ ਦੀ ਇਜਾਜ਼ਤ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਇਸ ਮਾਮਲੇ ‘ਚ ਹਿੰਦੂ ਸੈਨਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਮਨਜ਼ੂਰੀ ਜਹਾਜ਼ ‘ਚ ਸਫਰ ਕਰਨ ਵਾਲੇ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਇਸ ਲਈ ਇਸ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
