Site icon Geo Punjab

ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ

ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ


ਮੁੱਖ ਮੰਤਰੀ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ

 

ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ

 

 

ਚੰਡੀਗੜ੍ਹ, 16 ਮਈ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

 

ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਸਫਲ ਕਰੀਅਰ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲੀਸ ਵਿਭਾਗ ਨਾਲ ਸਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਭਰਤੀ ਹੋਏ ਨੌਜਵਾਨਾਂ ਨੂੰ ਰੋਜ਼ੀ-ਰੋਟੀ ਕਮਾਉਣ ਵਾਲੇ ਪਰਿਵਾਰ ਦੇ ਜੀਅ ਦੇ ਦਿਹਾਂਤ ਤੋਂ ਬਾਅਦ ਕਈ ਔਕੜਾਂ ਵਿੱਚੋਂ ਲੰਘਣਾ ਪਿਆ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਉਧਰ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖਾਂ ਨੂੰ ਦੂਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਣ-ਸਨਮਾਨ ਵਾਲਾ ਜੀਵਨ ਬਤੀਤ ਕਰਨ ਵਿੱਚ ਸਹਾਈ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਭਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀਜੀਪੀ ਵੀਕੇ ਭਾਵੜਾ, ਪ੍ਰਮੁੱਖ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ।

The post ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ appeared first on

Exit mobile version