*ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰਾ ਕਰਕੇ ਪ੍ਰਸਤਾਵਿਤ ਸੋਧਾਂ ਦੀ ਪੜਤਾਲ ਕੀਤੀ ਜਾਵੇਗੀ*
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਾਡੀ ਸਰਕਾਰ ਮਜ਼ਬੂਤ ਅਤੇ ਕਾਨੂੰਨੀ ਤੌਰ ‘ਤੇ ਟਿਕਾਊ ਕਾਨੂੰਨ ਲਈ ਵਚਨਬੱਧ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 26 ਸਤੰਬਰ 2026:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ (ਸੋਧ) ਐਕਟ, 2026 ਦੀ ਪੜਤਾਲ ਅਤੇ ਸੋਧਾਂ ਦਾ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੇ ਪੈਨਲ ਨਾਲ ਤਾਲਮੇਲ ਕਰਨ ਲਈ ਸੂਬਾ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ ਤਾਕਤੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ ਅਤੇ ਇਸ ਐਕਟ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਕਾਰਵਾਈ ‘ਤੇ ਧਿਆਨ ਕੇਂਦਰਤ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਪ੍ਰਸਤਾਵਿਤ ਸੋਧਾਂ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਵਿਆਪਕ ਤੌਰ ‘ਤੇ ਹੱਲ ਕਰਨ।
ਸੂਬਾ ਸਰਕਾਰ ਵੱਲੋਂ ਗਠਿਤ ਕੀਤੀ ਗਈ ਉੱਚ ਪੱਧਰੀ ਕਮੇਟੀ ਵਿੱਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ, ਆਈਪੀਐਸ (ਸੇਵਾਮੁਕਤ) ਅਤੇ ਕਾਨੂੰਨ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਇੱਕ ਮਜ਼ਬੂਤ ਅਤੇ ਕਾਨੂੰਨੀ ਤੌਰ ‘ਤੇ ਟਿਕਾਊ ਕਾਨੂੰਨ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਬਾਰੇ ਸੋਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਪ੍ਰਭਾਵਸ਼ਾਲੀ ਰੋਕੂ ਵਜੋਂ ਕੰਮ ਕਰਦਾ ਹੈ। ਅਤੀਤ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਨੂੰ ਡੂੰਘਾ ਠੇਸ ਪਹੁੰਚਾਈ ਹੈ ਅਤੇ ਇਹ ਯਕੀਨੀ ਬਣਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ ਪੂਰੀ ਤਰ੍ਹਾਂ ਸੁਰੱਖਿਅਤ ਰਹੇ।
ਮੁੱਖ ਮੰਤਰੀ ਨੇ ਕਿਹਾ, “ਮੈਂ ਸਰਬ ਸ਼ਕਤੀਮਾਨ ਦਾ ਧੰਨਵਾਦੀ ਹਾਂ ਕਿ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇੱਜ਼ਤ ਅਤੇ ਪਵਿੱਤਰਤਾ ਦੀ ਰਾਖੀ ਲਈ ਸਮਰਪਿਤ ਕਾਨੂੰਨ ਲਿਆਉਣ ਦਾ ਮੌਕਾ ਦਿੱਤਾ। ਇਹ ਬਿੱਲ ਕਾਨੂੰਨੀ ਮਾਹਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਸੀ, ਜਿਸ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਭਵਿੱਖ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰਨ ਵਾਲੀਆਂ ਕੋਈ ਕਮੀਆਂ ਨਾ ਹੋਣ।
ਉਨ੍ਹਾਂ ਦ੍ਰਿੜ੍ਹਤਾਪੂਰਬਕ ਕਿਹਾ, “ਸਾਡੀ ਕੋਸ਼ਿਸ਼ ਇਹ ਯਕੀਨੀ ਬਣਾਉਣ ਦੀ ਹੈ ਕਿ ਕਾਨੂੰਨ ਵਿਆਪਕ, ਵਾਟਰਟਾਈਟ ਅਤੇ ਸਮੇਂ ਦੀ ਕਸੌਟੀ ‘ਤੇ ਖਰਾ ਉਤਰਨ ਦੇ ਸਮਰੱਥ ਹੋਵੇ। ਕਿਸੇ ਵੀ ਵਿਅਕਤੀ ਨੂੰ ਬੇਅਦਬੀ ਦੇ ਕੰਮ ਲਈ ਜਵਾਬਦੇਹੀ ਤੋਂ ਬਚਣ ਲਈ ਕਦੇ ਵੀ ਕਿਸੇ ਕਾਨੂੰਨੀ ਖਾਮੀ ਦਾ ਫਾਇਦਾ ਉਠਾਉਣ ਦੇ ਯੋਗ ਨਹੀਂ ਹੋਣਾ ਚਾਹੀਦਾ। ਕਾਨੂੰਨ ਦੇ ਹਰ ਪਹਿਲੂ ਦੀ ਪੂਰੀ ਸਾਵਧਾਨੀ ਨਾਲ ਜਾਂਚ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਸਦਾ ਉਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਾਪਤ ਹੋ ਸਕੇ। “
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ ਮਸ਼ਵਰਾ ਕਰਕੇ ਕਾਨੂੰਨ ਦੇ ਹਰ ਪਹਿਲੂ ਦੀ ਪੜਤਾਲ ਕਰਦਿਆਂ ਸੂਬਾ ਸਰਕਾਰ ਨੂੰ ਵਡਮੁੱਲੀ ਸੇਧ ਦੇਵੇਗੀ। ਪ੍ਰਸਤਾਵਿਤ ਸੋਧਾਂ ‘ਤੇ ਵਿਆਪਕ ਢੰਗ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤਾਂ ਜੋ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਾਂ ਅਤੇ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਭ ਤੋਂ ਮਜ਼ਬੂਤ ਕਾਨੂੰਨੀ ਢਾਂਚਾ ਮੁਹੱਈਆ ਕਰਵਾਉਂਦਾ ਹੈ। ਇਸ ਦੇ ਨਾਲ ਹੀ ਪ੍ਰਸਤਾਵਿਤ ਸੋਧਾਂ ਨੂੰ ਪੂਰੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਸੰਵਿਧਾਨਕ ਅਤੇ ਕਾਨੂੰਨੀ ਸਿਧਾਂਤਾਂ ਅਨੁਸਾਰ ਅੱਗੇ ਵਧਾਇਆ ਜਾਵੇਗਾ।
ਉਨ੍ਹਾਂ ਕਿਹਾ, “ਮਕਸਦ ਸਪੱਸ਼ਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ਕਾਨੂੰਨ ਆਪਣੇ ਉਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਦਾ ਹੈ। ਮੈਂ ਉਮੀਦ ਕਰਦਾ ਹਾਂ ਕਿ ਕਮੇਟੀ ਦੇ ਵਿਚਾਰ-ਵਟਾਂਦਰੇ ਨਾਲ ਸਿੱਖ ਪੰਥ ਦੀਆਂ ਭਾਵਨਾਵਾਂ ਅਨੁਸਾਰ ਲੋੜੀਂਦੇ ਨਤੀਜੇ ਸਾਹਮਣੇ ਆਉਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
