ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਹਾਜ਼ਰ ਸਨ। ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਿਸ਼ਾਹ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸਿਧਾਂਤਾਂ ਦੀ ਰੌਸ਼ਨੀ ਵਿੱਚ ਸਿੱਖਾਂ ਨੂੰ ਅੱਗੇ ਲੈ ਜਾਣ ਲਈ ਨਵੀਂ ਨੀਤੀ ਦਾ ਸੰਚਾਰ ਕੀਤਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਹਥਿਆਰਬੰਦ ਹੋਣ ਦਾ ਹੁਕਮ ਦਿੱਤਾ ਅਤੇ ਸਿੱਖਾਂ ਨੂੰ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ। ਇਸ ਅਨੁਸਾਰ ਗੁਰੂ ਸਾਹਿਬ ਨੇ ਚਾਰ ਜੰਗਾਂ ਲੜੀਆਂ ਅਤੇ ਜਿੱਤਾਂ ਦਰਜ ਕੀਤੀਆਂ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਸਿੱਖ ਕੌਮ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜ ਕਰਦੇ ਰਹਿਣ ਲਈ ਪ੍ਰੇਰਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਾਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਆਜ਼ਾਦ ਹੋਂਦ ਅਤੇ ਇਲਾਹੀ ਲਾਟ ਦਾ ਪ੍ਰਤੀਕ ਹੈ। ਇਸ ਸਿਧਾਂਤ ‘ਤੇ ਪਹਿਰਾ ਦੇਣਾ ਹਰ ਸਿੱਖ ਦਾ ਫਰਜ਼ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਹਰਜਾਪ ਸਿੰਘ ਸੁਲਤਾਨਵਿੰਡ, ਸ. ਪ੍ਰਤਾਪ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ: ਮਲਕੀਤ ਸਿੰਘ ਬਹਿੜਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਮੈਨੇਜਰ ਸੁਖਰਾਜ ਸਿੰਘ, ਸ: ਬਘੇਲ ਸਿੰਘ, ਸ: ਨਰਿੰਦਰ ਸਿੰਘ, ਸ: ਸਤਨਾਮ ਸਿੰਘ ਰਿਆੜ ਅਤੇ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
