ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਭਗਵੰਤ ਸਿੰਘ ਧੰਗੇੜਾ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨ ਨੂੰ ਲੋੜੀਂਦੇ ਕਦਮ ਚੁੱਕਣ ਲਈ ਪੱਤਰ ਲਿਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਣ ਕਾਰਨ ਪੂਰੀ ਦੁਨੀਆ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ ਅਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਦੇ ਨਾਲ-ਨਾਲ ਸ਼ਰਧਾ ਭਾਵਨਾ ਨਾਲ ਇੱਥੇ ਮੱਥਾ ਟੇਕਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਲੈ ਕੇ ਬਜ਼ਾਰ ਕਹੀਆਂ ਤੱਕ ਮਹਿਣਾ ਸਿੰਘ ਰੋਡ ਕਈ ਥਾਵਾਂ ਤੋਂ ਟੁੱਟੀ ਹੋਈ ਹੈ ਅਤੇ ਦੋਵੇਂ ਪਾਸੇ ਨਾਲੀਆਂ ਵਹਿ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸੜਕ ’ਤੇ ਗੰਦਗੀ ਕਾਰਨ ਬਦਬੂ ਆਉਂਦੀ ਹੈ, ਉਥੇ ਜਾਮ ਕਾਰਨ ਸ਼ਰਧਾਲੂਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ‘ਤੇ ਸੀਵਰੇਜ ਦਾ ਗੰਦਾ ਪਾਣੀ ਬੰਦ ਹੋਣ ਕਾਰਨ ਬਾਜ਼ਾਰਾਂ ‘ਚ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਸ: ਪ੍ਰਤਾਪ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਪਹਿਲਾਂ ਵੀ ਕਈ ਵਾਰ ਪੱਤਰ ਲਿਖੇ ਜਾ ਚੁੱਕੇ ਹਨ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦਿੰਦੀ | ਉਨ੍ਹਾਂ ਕਿਹਾ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਮੇਅਰ ਅਤੇ ਕਮਿਸ਼ਨਰ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ, ਸਾਫ਼-ਸਫ਼ਾਈ ਦੇ ਨਾਲ-ਨਾਲ ਸੀਵਰੇਜ ਦੀ ਸਫ਼ਾਈ ਲਈ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਸ਼ਰਧਾਲੂ ਆਉਂਦੇ ਹਨ ਅਤੇ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਸ਼ਰਧਾਲੂ ਇੱਕ ਚੰਗਾ ਸੁਨੇਹਾ ਲੈ ਕੇ ਜਾਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।