ਅੰਮ੍ਰਿਤਸਰ: ਪੰਜਾਬ ਨੈਸ਼ਨਲ ਬੈਂਕ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ 1 ਥ੍ਰੀ-ਵ੍ਹੀਲਰ, 2 ਵਾਟਰ ਕੂਲਰ ਅਤੇ 7 ਵ੍ਹੀਲ ਚੇਅਰ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਸ੍ਰੀ ਪ੍ਰਵੀਨ ਗੋਇਲ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਵਾਲੀਆਂ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਭੇਟਾ ਚੜ੍ਹਾ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦੀਆਂ ਹਨ। ਪੀ.ਐਨ.ਬੀ ਦੇ ਅਧਿਕਾਰੀ ਵੀ ਧੰਨਵਾਦ ਦੀ ਭਾਵਨਾ ਨਾਲ ਸੰਗਤਾਂ ਲਈ ਲੋੜੀਂਦਾ ਸਮਾਨ ਲੈ ਕੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਪੰਜਾਬ ਨਾਲ ਜੁੜਿਆ ਹੋਇਆ ਹੈ ਅਤੇ ਇਹ ਪਹਿਲਾਂ ਵੀ ਸੇਵਾਵਾਂ ਵਿੱਚ ਹਿੱਸਾ ਲੈਂਦਾ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਅੱਜ ਉਨ੍ਹਾਂ ਨੂੰ ਗੁਰੂ ਦਰਬਾਰ ‘ਚ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਦਾ ਪੰਜਾਬ ਨਾਲ ਅਹਿਮ ਰਿਸ਼ਤਾ ਹੈ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਵਿਚ ਹਿੱਸਾ ਲੈ ਕੇ ਆਪਣੇ ਆਪ ਨੂੰ ਮਾਣ ਮਹਿਸੂਸ ਕਰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਬੈਂਕ ਦੇ ਸਟਾਫ਼ ਨੂੰ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਸ੍ਰੀ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਸ੍ਰੀ ਪ੍ਰਵੀਨ ਗੋਇਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਉਪ ਸਕੱਤਰ ਸ. ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਸ. ਬਘੇਲ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝਾਂਗੀ, ਪੀ.ਐਨ.ਬੀ ਬੈਂਕ ਦੇ ਸਰਕਲ ਹੈੱਡ ਸ੍ਰੀ ਹਰੀ ਓਮ, ਏ.ਜੀ.ਐਮ.ਜੀ.ਐਸ.ਬਾਠ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸ੍ਰੀ ਰਣਧੀਰ ਸਿੰਘ ਤੇ ਹੋਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
