ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਉਸ ਦੀਆਂ ਤਸਵੀਰਾਂ ਖਿੱਚ ਕੇ ਵਾਇਰਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਲਈ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰ ਸਕਦੀ।
ਅਜਿਹੇ ਵਿਅਕਤੀ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣਾ ਸਿੱਖਾਂ ਨੂੰ ਨਰਾਜ਼ ਕਰਨ ਵਾਲਾ ਕੰਮ ਹੈ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਨੇ ਇਹ ਕੋਝੀ ਹਰਕਤ ਕੀਤੀ ਹੈ, ਉਹ ਕਾਂਗਰਸ ਦਾ ਨੁਮਾਇੰਦਾ ਕਰਮਜੀਤ ਸਿੰਘ ਗਿੱਲ ਵਾਸੀ ਅੰਮ੍ਰਿਤਸਰ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਸ ਨੇ ਇਹ ਕਾਰਵਾਈ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਜਮਾਤ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਹੀ ਹੈ ਅਤੇ ਇਸ ਵੱਲੋਂ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਅਤੇ ਦਿੱਲੀ ਸਿੱਖ ਕਤਲੇਆਮ ਨਾ ਭੁੱਲਣਯੋਗ ਹੈ। ਅੱਜ ਕਾਂਗਰਸੀ ਆਗੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਤਸਵੀਰ ਦਿਖਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਹ ਵੀ ਪੜ੍ਹੋ: ਭਾਜਪਾ ਨੇ ਨਿਤਿਨ ਗਡਕਰੀ, ਸ਼ਿਵਰਾਜ ਸਿੰਘ ਚੌਹਾਨ ਨੂੰ ਛੱਡਿਆ: ਭਾਜਪਾ ਸੰਸਦੀ ਬੋਰਡ ਤੋਂ ਗਡਕਰੀ ਅਤੇ ਸ਼ਿਵਰਾਜ ਚੌਹਾਨ ਦੀ ਛੁੱਟੀ, ਪੜ੍ਹੋ ਸਾਰੀਆਂ ਖ਼ਬਰਾਂ
ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਮੁੱਖ ਧਾਰਮਿਕ ਸਥਾਨ ਹੋਣ ਦੇ ਨਾਲ-ਨਾਲ ਪੂਰੀ ਦੁਨੀਆ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਵੀ ਹੈ। ਇੱਥੇ ਹਰ ਕੋਈ ਮਾਨਸਿਕ ਸ਼ਾਂਤੀ ਅਤੇ ਆਤਮਿਕ ਬਲ ਪ੍ਰਾਪਤ ਕਰਨ ਲਈ ਮੱਥਾ ਟੇਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਕਾਰਵਾਈ ਕਰੇਗੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖਾਂ ਨੂੰ ਭੜਕਾਉਣ ਵਾਲੇ ਵਿਅਕਤੀ ਖ਼ਿਲਾਫ਼ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਪੁਲੀਸ ਪਾਸ ਕੇਸ ਦਰਜ ਕੀਤਾ ਗਿਆ ਹੈ।
ਸ: ਰਾਮਦਾਸ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਦੀ ਰਿਕਾਰਡਿੰਗ ਅਨੁਸਾਰ ਇਹ ਵਿਅਕਤੀ ਆਟਾ ਮੰਡੀ ਬਹਿ ਤੋਂ ਪਾਰਕਰਮਾ ਵਿਚ ਦਾਖਲ ਹੋਇਆ ਅਤੇ ਫੋਟੋ ਖਿੱਚਣ ਤੋਂ ਬਾਅਦ ਮੱਥਾ ਟੇਕਣ ਤੋਂ ਬਾਅਦ ਵਾਪਸ ਚਲਾ ਗਿਆ | ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਵਿਅਕਤੀ ਜਾਣਬੁੱਝ ਕੇ ਕੋਈ ਸ਼ਰਾਰਤ ਕਰਨ ਆਇਆ ਸੀ ਨਾ ਕਿ ਗੁਰੂ ਸਾਹਿਬ ਨੂੰ ਮੱਥਾ ਟੇਕਣ ਲਈ।
