harjot singh bains Amity School Mohali: ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੈਕਟਰ 79 ਸਥਿਤ ਐਮਿਟੀ ਇੰਟਰਨੈਸ਼ਨਲ ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ ਕਾਰਨ ਇਸ ਪ੍ਰਾਈਵੇਟ ਸਕੂਲ ਨੂੰ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਅਤੇ ਇਸ ’ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਨੇ ਸਬੰਧਤ ਪ੍ਰਾਈਵੇਟ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਹੈ। ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਨੂੰ ਦਿੱਤੀ ਗਈ ਐਨਓਸੀ ਅਤੇ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿੱਚ ਦਰਜ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਅਮੈਂਡਮੈਂਟ ਐਕਟ 2021’ ਦੇ ਨਿਯਮਾਂ ਅਨੁਸਾਰ ਪਹਿਲੀ ਵਾਰ ਸ਼ਰਤਾਂ ਦੀ ਉਲੰਘਣਾ ਕਰਨ ‘ਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਜੁਰਮਾਨੇ ਦੀ ਰਕਮ ਜਮ੍ਹਾਂ ਕਰਵਾ ਕੇ ਅਗਲੇ ਪੰਜ ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸ: ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਨਹੀਂ ਬਖਸ਼ੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਾਕੀ ਪ੍ਰਾਈਵੇਟ ਸਕੂਲਾਂ ਨੂੰ ਵੀ ਪੰਜਾਬੀ ਵਿਸ਼ਾ ਲਾਜ਼ਮੀ ਪੜ੍ਹਾਉਣ ਦੀ ਹਦਾਇਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
