ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਕੋਤਵਾਲੀ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਸੀਨੀਅਰ ਕਾਂਸਟੇਬਲ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰ ਰਿਹਾ ਸੀ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਪਿੰਡ ਝੁੰਬਣ ਤੋਂ ਮਾਤਾ ਚਿੰਤਪੁਰਨੀ ਨੂੰ ਸਵਾਰੀਆਂ ਲੈ ਕੇ ਜਾਣ ਸਮੇਂ ਸਵਾਰੀਆਂ ਨਾਲ ਝਗੜਾ ਹੋ ਗਿਆ। ਉਕਤ ਸਿਪਾਹੀ ਇਸ ਝਗੜੇ ਦੇ ਹੱਲ ਲਈ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਅਤੇ ਤੱਥਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਦੋਸ਼ੀ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
