ਪਟਿਆਲਾ: ਡਾ: ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦਾ ਸੱਦਾ
– ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ, ਅਧਿਕਾਰੀਆਂ ਨਾਲ ਮੀਟਿੰਗ
– ਕਿਹਾ, ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਅਤੇ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਦੇ ਉਪਰਾਲੇ ਦਾ ਲਾਭ ਉਠਾਉਣਾ ਚਾਹੀਦਾ ਹੈ।
ਪਟਿਆਲਾ, 2 ਨਵੰਬਰ:
ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਸ਼ਾਮ 5 ਵਜੇ ਤੋਂ ਰਾਤ 8:30 ਵਜੇ ਤੱਕ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਹਿੰਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਮਹਾਨ ਇਤਿਹਾਸ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਮੂਹ ਜ਼ਿਲ੍ਹਾ ਵਾਸੀ ਆਪਣੇ ਪਰਿਵਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਣ ਲਈ ਪੋਲੋ ਗਰਾਊਂਡ ਵਿਖੇ ਜ਼ਰੂਰ ਪਹੁੰਚਣ।
ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ ਸ਼ਾਮ 5:30 ਤੋਂ 6:30 ਵਜੇ ਤੱਕ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਰਹਿਮਤ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਲਈ ਐਂਟਰੀ 4 ਨਵੰਬਰ ਨੂੰ ਸ਼ਾਮ 5 ਵਜੇ ਸ਼ੁਰੂ ਹੋਵੇਗੀ ਅਤੇ ਕੋਈ ਵੀ ਵਿਅਕਤੀ ਬਿਨਾਂ ਪਾਸ ਤੋਂ ਸ਼ੋਅ ਵਿੱਚ ਸ਼ਾਮਲ ਹੋ ਸਕਦਾ ਹੈ, ਜਿਸ ਲਈ ਸਾਰਿਆਂ ਨੂੰ ਸੱਦਾ ਦਿੱਤਾ ਜਾਂਦਾ ਹੈ।
ਇਸ ਦੌਰਾਨ ਐਸਪੀ ਵੈਭਵ ਚੌਧਰੀ, ਏਡੀਸੀ ਪੇਂਡੂ ਵਿਕਾਸ ਦਮਨਜੀਤ ਸਿੰਘ ਮਾਨ, ਏਡੀਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸਡੀਐਮ ਡਾ: ਇਸਮਤ ਵਿਜੇ ਸਿੰਘ, ਰਿਚਾ ਗੋਇਲ ਅਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ, ਸ਼ੋਅ ਪ੍ਰਬੰਧਕ ਏਜੰਸੀ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।
