ਅਨਮੋਲ ਗਗਨ ਮਾਨ ⋆ D5 ਨਿਊਜ਼


ਐਸ.ਏ.ਐਸ.ਨਗਰ/ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰਮੋਸ਼ਨ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਜ਼ਿਲ੍ਹੇ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫ਼ਤਰ ਨੇੜੇ ਚੌਕ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੋਂ ਇਸ ਚੌਂਕ ਨੂੰ ਭਗਤ ਸਿੰਘ ਚੌਂਕ ਵਜੋਂ ਜਾਣਿਆ ਜਾਵੇਗਾ। ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਜਲਦੀ ਹੀ ਪਿੰਡ ਨਵਾਂ ਗਾਉਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਲਗਾਇਆ ਜਾਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦਾ ਨਵਾਂ ਗਾਓਂ ਪਹੁੰਚਣ ’ਤੇ ਭਾਰੀ ਇਕੱਠ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਨਾਇਕ ਸਾਡੇ ਖਿਆਲਾਂ ਵਿੱਚ ਹਮੇਸ਼ਾ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੋਚ ਅਤੇ ਇਤਿਹਾਸ ਨੂੰ ਆਪਣੀ ਨਵੀਂ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਗੁਲਾਮੀ ਨੂੰ ਤਿਆਗ ਕੇ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਹੱਸ-ਹੱਸ ਕੇ ਚੁੰਮਿਆ ਅਤੇ ਦੇਸ਼ ਲਈ ਮਰ ਮਿਟਣ ਅਤੇ ਕੁਰਬਾਨੀ ਦੇਣ ਨੂੰ ਪਹਿਲ ਦਿੱਤੀ। ਦੇਸ਼ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਵਾਤਾਵਰਣ, ਨਿਰਪੱਖ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵਾਂ ਗਾਓਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਇੱਥੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਨੂੰ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰੋਗਰਾਮ ਨਵਾਂਗਰਾਉਂ-ਮੁਲਾਂਪੁਰ-ਮਾਜਰੀ ਪ੍ਰੈਸ ਕਲੱਬ ਵੱਲੋਂ ਕਰਵਾਇਆ ਗਿਆ। ਇਸ ਮੌਕੇ ਨਵਾਂਗਰਾਉਂ ਦੀ ਪ੍ਰਧਾਨ ਨਗਰ ਕੌਂਸਲ ਬੀਬੀ ਬਲਵਿੰਦਰ ਕੌਰ ਮੰਡ, ਨਵਾਂ ਗਰਾਓਂ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਅਤੇ ਪ੍ਰੈੱਸ ਕਲੱਬ ਦੇ ਚੇਅਰਮੈਨ ਤਰਸੇਮ ਲਾਲ ਸ਼ਰਮਾਂ, ਪ੍ਰਧਾਨ ਜੇ.ਕੇ ਭੱਟ, ਸੰਜੀਵ ਮਲਿਕ ਅਤੇ ਵੱਡੀ ਗਿਣਤੀ ਵਿੱਚ ਹੋਰ ਵਲੰਟੀਅਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਲੇਖ ਵਿੱਚ ਪੋਸਟ ਬੇਦਾਅਵਾ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *