ਪਟਿਆਲਾ: 45ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਤੋਂ, ਪ੍ਰਬੰਧ ਮੁਕੰਮਲ
– ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪਟਿਆਲਾ, 26 ਨਵੰਬਰ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ 45ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਅੱਜ ਵੀਰਵਾਰ ਤੋਂ ਪਟਿਆਲਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ, ਜੋ ਕਿ 30 ਨਵੰਬਰ ਤੱਕ ਚੱਲਣਗੀਆਂ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਵਿਭਾਗ ਪਟਿਆਲਾ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਬੁੱਧਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪਹੁੰਚ ਕੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਖੇਡਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖੇਡਾਂ ਵਿੱਚ ਭਾਗ ਲੈ ਸਕਣਗੇ। ਖਿਡਾਰੀਆਂ ਦੀ ਰਿਹਾਇਸ਼ ਅਤੇ ਖਾਣੇ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਲਗਾਤਾਰ ਚਾਰ ਦਿਨ ਬੈਡਮਿੰਟਨ (ਲੜਕੇ, ਲੜਕੀਆਂ) ਅਤੇ ਕੁਸ਼ਤੀ (ਲੜਕੇ) ਮੁਕਾਬਲੇ ਕਰਵਾਏ ਜਾਣੇ ਹਨ। ਇਸ ਮੌਕੇ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
